- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ ਸੰਵਿਧਾਨ ਦਿਵਸ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਇੱਕ ਇੰਟਰੈਕਟਿਵ ਸੈਸ਼ਨ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਭਾਰਤੀ ਸੰਵਿਧਾਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿੱਥੇ ਵੱਖ-ਵੱਖ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਖਿੱਤਿਆਂ ਨਾਲ ਸਬੰਧਤ ਲੋਕ ਆਪਸ ’ਚ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ, ਜੋ ਕਿ ਸਿਰਫ਼ ਇੱਕ ਲੋਕਤੰਤਰੀ ਦੇਸ਼ ’ਚ ਹੀ ਸੰਭਵ ਹੈ। ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਸਤਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸੰਵਿਧਾਨ ’ਚ ਦਰਸਾਏ ਗਏ ਉਦੇਸ਼ਾਂ ’ਤੇ ਪਹਿਰਾ ਦਿੰਦਿਆਂ ਜ਼ਿੰਮੇਵਾਰ ਨਾਗਰਿਕ ਵਜੋਂ ਆਪਣਾ ਕਰਤੱਵ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੰਵਿਧਾਨ ’ਚ ਦਰਜ ਮੌਲਿਕ ਅਧਿਕਾਰਾਂ ਨੂੰ ਮਾਨਣ ਦੇ ਨਾਲ-ਨਾਲ ਆਪਣੇ ਮੌਲਿਕ ਕਰਤੱਵਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਪ੍ਰੋਗਰਾਮ ਦੇ ਕੋਆਰਡੀਨੇਟਰ ਅਤੇ ਮੁੱਖ ਵਕਤਾ ਡਾ. ਸ਼ਵੇਤਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਸਮਾਨਤਾ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦੇ ਮੁੱਲਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਲੋਕਤੰਤਰੀ ਮੁੱਲਾਂ ਦੀ ਰੱਖਿਆ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਇਸ ਮੌਕੇ ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਗੁਰਮੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।