- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਧਰਮ ਅਧਿਐਨ ਤੇ ਇਤਿਹਾਸ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿੱਖ ਨੈਤਿਕ ਕਦਰਾਂ-ਕੀਮਤਾਂ ਅਤੇ ਸਿਮਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਬਾਜ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਵਿੱਚੋਂ ਹਵਾਲੇ ਦੇ ਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਬਾਰੇ ਦੱਸਿਆ ਅਤੇ ਜੀਵਨ ’ਚ ਨਾਮ ਸਿਮਰਨ ਅਪਣਾਉਣ ’ਤੇ ਜ਼ੋਰ ਦਿੱਤਾ। ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਭਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਸੇਵਾ ਅਤੇ ਸਮਰਪਣ ਭਾਵਨਾ ਦੇ ਪ੍ਰੇਰਨਾਦਾਇਕ ਪਹਿਲੂਆਂ ਬਾਰੇ ਚਾਨਣਾ ਪਾਇਆ।ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸਿੱਖ ਧਰਮ ਦੇ ਵਿਕਾਸ ’ਚ ਪਾਏ ਯੋਗਦਾਨ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਕੀਤੀ ਅਤੇ ਉੱਥੇ 52 ਕਿਸਮਾਂ ਦੇ ਵਪਾਰੀਆਂ ਨੂੰ ਵਸਾ ਕੇ ਇਸ ਨੂੰ ਪ੍ਰਮੁੱਖ ਧਾਰਮਿਕ ਅਤੇ ਵਪਾਰਕ ਕੇਂਦਰ ਵਜੋਂ ਵਿਕਸਤ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ’ਚ ਡਾ. ਅਵਨੀਤ ਕੌਰ, ਡਾ. ਰਮਨਦੀਪ ਕੌਰ ਅਤੇ ਮਾਤਾ ਗੁਜਰੀ ਸਟੱਡੀ ਸਰਕਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ।