ਮਾਤਾ ਗੁਜਰੀ ਕਾਲਜ ਵੱਲੋਂ ਕੁਦਰਤੀ ਸਰੋਤਾਂ ਦੀ ਸਾਰਥਕ ਵਰਤੋਂ ਸਬੰਧੀ ਸਮਰੱਥਾ ਨਿਰਮਾਣ ਵਰਕਸ਼ਾਪ ਲਾਈ ਮਾਤਾ ਗੁਜਰੀ ਕਾਲਜ ਵੱਲੋਂ ਕੁਦਰਤੀ ਸਰੋਤਾਂ ਦੀ ਸਾਰਥਕ ਵਰਤੋਂ ਸਬੰਧੀ ਸਮਰੱਥਾ ਨਿਰਮਾਣ ਵਰਕਸ਼ਾਪ ਲਾਈ
Publish Date: Thu, 26 Nov 2026 06:58 PM (IST)
Updated Date: Thu, 26 Nov 2026 07:01 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵੱਲੋਂ ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਤੇ ਮਿਸ਼ਨ ਲਾਈਫ ਤਹਿਤ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ‘ਕੁਦਰਤੀ ਸਰੋਤਾਂ ਤੋਂ ਵਾਤਾਵਰਣ-ਅਨੁਕੂਲ ਸ਼ਿਲਪਕਾਰੀ’ ਵਿਸ਼ੇ ’ਤੇ ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ’ਚ ਫਤਹਿਗੜ੍ਹ ਸਾਹਿਬ, ਮਲੇਰਕੋਟਲਾ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਸਕੂਲਾਂ ਦੇ 54 ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀਈਓ) ਫਤਹਿਗੜ੍ਹ ਸਾਹਿਬ ਰੁਪਿੰਦਰ ਕੌਰ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਸੰਭਾਲ ਦੀ ਭਾਵਨਾ ਪੈਦਾ ਕਰਨ ਲਈ ਸਕੂਲ ਅਧਿਆਪਕਾਂ ਨੂੰ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਵਾਸਤੇ ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਸਮੇਂ ਕੋਆਰਡੀਨੇਟਰ ਪ੍ਰੋ. ਪ੍ਰਦੀਪ ਕੌਰ ਸੰਧੂ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਤੇ ਮਿਸ਼ਨ ਲਾਈਫ ਦੇ ਉਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ’ਚ ਟਿਕਾਊ ਜੀਵਨ-ਸ਼ੈਲੀ ਦੀਆਂ ਆਦਤਾਂ ਵਿਕਸਿਤ ਕਰਨ ਅਤੇ ਜ਼ੀਰੋ-ਵੇਸਟ ਸੋਚ ਨੂੰ ਉਤਸ਼ਾਹਿਤ ਕਰਨ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਅਧਿਆਪਕਾਂ ਨੂੰ ਸਿੰਥੈਟਿਕ ਸਮੱਗਰੀ ਦੀ ਥਾਂ ਕੁਦਰਤੀ ਅਤੇ ਜੈਵਿਕ ਤੌਰ ’ਤੇ ਨਸ਼ਟ ਹੋਣ ਯੋਗ ਸਰੋਤਾਂ ਦੀ ਵਰਤੋਂ ਕਰਨ ਦੇ ਵਿਹਾਰਕ ਹੁਨਰ ਪ੍ਰਦਾਨ ਕਰਨਾ ਅਤੇ ਕਲਾਸਰੂਮਾਂ ’ਚ ਵਾਤਾਵਰਣ-ਪੱਖੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨਾ ਹੈ। ਤਕਨੀਕੀ ਅਤੇ ਪ੍ਰੈਕਟੀਕਲ ਸੈਸ਼ਨਾਂ ਦਾ ਸੰਚਾਲਨ ਵਿਸ਼ਾ ਮਾਹਿਰਾਂ ਡਾ. ਜੁਝਾਰ ਸਿੰਘ ਅਤੇ ਡਾ. ਪ੍ਰਭਜੋਤ ਸੈਣੀ ਵੱਲੋਂ ਕੀਤਾ ਗਿਆ। ਉਨ੍ਹਾਂ ਭਾਗੀਦਾਰਾਂ ਨੂੰ ਸਥਾਨਕ ਪੱਧਰ ’ਤੇ ਉਪਲਬਧ ਕੁਦਰਤੀ ਸਰੋਤਾਂ ਅਤੇ ਵਾਤਾਵਰਣ ਅਨੁਕੂਲ, ਜੈਵਿਕ ਤੌਰ ’ਤੇ ਨਸ਼ਟ ਹੋਣ ਵਾਲੀਆਂ ਸਮੱਗਰੀਆਂ ਦੀ ਵਰਤੋਂ ਕਰਕੇ ਨਵੀਨਤਮ, ਉਪਯੋਗੀ ਅਤੇ ਸੁੰਦਰ ਹਸਤਕਲਾਵਾਂ ਤਿਆਰ ਕਰਨ ਦੀ ਵਿਹਾਰਕ ਸਿਖਲਾਈ ਦਿੱਤੀ। ਇਸ ਦੌਰਾਨ ਬੋਨਸਾਈ ਤਿਆਰ ਕਰਨ, ਡਿਸ਼ ਗਾਰਡਨਿੰਗ ਅਤੇ ਸੁੱਕੇ ਫੁੱਲਾਂ ਦੀ ਵਰਤੋਂ ਕਰਕੇ ਸਜਾਵਟੀ ਕਲਾਕ੍ਰਿਤੀਆਂ ਬਣਾਉਣ ਸਬੰਧੀ ਸਿਖਲਾਈ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਰਕਸ਼ਾਪ ਦੇ ਸਫ਼ਲ ਆਯੋਜਨ ਲਈ ਪ੍ਰਬੰਧਕੀ ਟੀਮ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਤਿੰਨਾਂ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਕੋ-ਕੋਆਰਡੀਨੇਟਰ ਡਾ. ਮੋਨਿਕਾ ਅਤੇ ਸੌਲਿਡ ਵੇਸਟ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਡਾ. ਸੰਤੋਸ਼ ਕੁਮਾਰ, ਪ੍ਰੋ. ਸ਼ਿਵਦੀਪ ਕੌਰ ਅਤੇ ਡਾ. ਦੀਪਿਕਾ ਨੇ ਵਰਕਸ਼ਾਪ ਦੇ ਪ੍ਰਬੰਧਨ ’ਚ ਸਹਿਯੋਗ ਦਿੱਤਾ। ਅਖੀਰ ’ਚ ਹਿੱਸਾ ਲੈਣ ਵਾਲੇ ਸਾਰੇ ਅਧਿਆਪਕਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।