- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨਾਲ ਮੀਟਿੰਗ ਸਫ਼ਲ ਨਾ ਹੋਈ ਤਾਂ ਧੂਰੀ ਵਿਖੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਯੂਨੀਅਨ ਦੇ ਮੁੱਖ ਦਫ਼ਤਰ ਵਿਮਲ ਰੰਧੀਵੇ ਭਵਨ ਵਿਖੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਯੂਨੀਅਨ ਦੀਆਂ ਪਿਛਲੀਆਂ ਸਰਗਰਮੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਭਖਦੀਆਂ ਮੰਗਾਂ ਤੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਵੱਖ-ਵੱਖ ਮੁੱਦਿਆਂ ਨੂੰ ਉਭਾਰਦਿਆਂ ਵਿਸ਼ੇਸ਼ ਤੌਰ ’ਤੇ 25 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਯੂਨੀਅਨ ਲਗਾਤਾਰ ਸੰਘਰਸ਼ ਕਰ ਰਹੀ ਹੈ। ਦੋ ਅਕਤੂਬਰ ਦੇ ਸੰਘਰਸ਼ ਦੌਰਾਨ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਭਰੋਸਾ ਦਿੱਤਾ ਸੀ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਂਗਣਵਾੜੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣੇ ਅਤੇ ਉਨ੍ਹਾਂ ਦਾ ਠੋਸ ਹੱਲ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ 25 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਸਫ਼ਲ ਨਹੀਂ ਰਹਿੰਦੀ ਤੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਤਾਂ ਯੂਨੀਅਨ ਵੱਲੋਂ 3 ਨਵੰਬਰ ਨੂੰ ਧੂਰੀ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਤੇਜ਼ ਕਰਨ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾਵੇ।