ਮੰਡੀਆਂ ਦੇ ਮਾੜੇ ਪ੍ਰਬੰਧਾਂ 'ਤੇ ਭੜਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਕਿਹਾ- ‘ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਸਾਰੇ ਪਰੇਸ਼ਾਨ, CM ਮਾਨ ਤੁਰੰਤ ਦੇਣ ਅਸਤੀਫ਼ਾ’
ਡਾ. ਅਮਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆੜ੍ਹਤੀਆ ਅਤੇ ਮਜ਼ਦੂਰ ਵਰਗ ਵੀ ਬੇਹੱਦ ਪਰੇਸ਼ਾਨ ਹੈ। ਝੋਨੇ ਦੀ ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ’ਚ ਆ ਰਹੀਆਂ ਦਿੱਕਤਾਂ ਕਾਰਨ ਅਨਾਜ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ, ਆੜ੍ਹਤੀਏ ਆਪਣੇ ਕਾਰੋਬਾਰ ਨੂੰ ਲੈ ਕੇ ਚਿੰਤਤ ਹਨ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ।
Publish Date: Tue, 17 Nov 2026 04:01 PM (IST)
Updated Date: Tue, 17 Nov 2026 04:20 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਫਤਹਿਗੜ੍ਹ ਸਾਹਿਬ ਪੰਜਾਬ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੇ ਸੀਜ਼ਨ ਦੌਰਾਨ ਬਣੇ ਮਾੜੇ ਹਾਲਾਤਾਂ ਨੂੰ ਲੈ ਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।
ਡਾ. ਅਮਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਆੜ੍ਹਤੀਆ ਅਤੇ ਮਜ਼ਦੂਰ ਵਰਗ ਵੀ ਬੇਹੱਦ ਪਰੇਸ਼ਾਨ ਹੈ। ਝੋਨੇ ਦੀ ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ’ਚ ਆ ਰਹੀਆਂ ਦਿੱਕਤਾਂ ਕਾਰਨ ਅਨਾਜ ਮੰਡੀਆਂ ਨਾਲ ਜੁੜੇ ਹਰ ਵਰਗ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ, ਆੜ੍ਹਤੀਏ ਆਪਣੇ ਕਾਰੋਬਾਰ ਨੂੰ ਲੈ ਕੇ ਚਿੰਤਤ ਹਨ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੈਦਾ ਹੋਏ ਇਨ੍ਹਾਂ ਹਾਲਾਤਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਬਣੀ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਦੀ ਤਸਵੀਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਮਸਲੇ ਪ੍ਰਤੀ ਕੋਈ ਠੋਸ ਹੱਲ ਪੇਸ਼ ਕਰਨ ਵਿੱਚ ਅਸਫ਼ਲ ਰਹੇ ਹਨ।
ਡਾ. ਅਮਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੀ ਹੈ ਅਤੇ ਦੋਵੇਂ ਪਾਰਟੀਆਂ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਮੰਡੀਆਂ ’ਚ ਪੈਦਾ ਹੋਈ ਬਦਇੰਤਜ਼ਾਮੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਜੇ ਵੀ ਆਪਣੀ ਜ਼ਿੰਮੇਵਾਰੀ ਨਹੀਂ ਸਮਝਦੇ ਤਾਂ ਯਾਦ ਰੱਖਣ ਕਿ ਡੇਢ ਤੋਂ ਦੋ ਮਹੀਨਿਆਂ ਦਾ ਸਮਾਂ ਹੀ ਬਾਕੀ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੀ ਤਾਕਤ ਨਾਲ ਉਨ੍ਹਾਂ ਨੂੰ ਜਵਾਬ ਦੇਣਗੇ।
ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਸਿਰਫ਼ ਫ਼ਸਲਾਂ ਦੀ ਖਰੀਦ ਦੀਆਂ ਕੇਂਦਰ ਨਹੀਂ, ਸਗੋਂ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹਨ। ਇਸ ਲਈ ਮੰਡੀਆਂ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਜਿਸ ਵਿਚ ਪੰਜਾਬ ਦੀ ਝਾੜੂ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ।
ਅਖੀਰ ’ਚ ਉਨ੍ਹਾਂ ਕਿਹਾ ਕਿ 2 ਮਹੀਨੇ ਬਾਅਦ ਪੰਜਾਬ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਦੇ ਹੋਏ ਝਾੜੂ ਪਾਰਟੀ ਨੂੰ ਸਬਕ ਸਿਖਾਉਂਦੇ ਨਜ਼ਰ ਆਉਣਗੇ।