ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਅੱਜ, ਸਮੁੱਚੇ ਪ੍ਰਬੰਧ ਮੁਕੰਮਲ
ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਪੋਲਿੰਗ ਪਾਰਟੀਆਂ ਨੂੰ ਅੱਜ, ਉਨ੍ਹਾਂ ਦੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਲਈ ਚੋਣ ਸਮਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ।
Publish Date: Mon, 25 May 2026 06:09 PM (IST)
Updated Date: Mon, 25 May 2026 06:29 PM (IST)

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ, ਪੋਲਿੰਗ ਪਾਰਟੀਆਂ ਨੂੰ ਅੱਜ, ਉਨ੍ਹਾਂ ਦੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਲਈ ਚੋਣ ਸਮਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ। ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਲਈ ਪੋਲਿੰਗ ਪਾਰਟੀਆਂ ਨੂੰ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ ਫਤਹਿਗੜ੍ਹ ਸਾਹਿਬ ਤੋਂ ਰਵਾਨਾ ਕੀਤਾ ਗਿਆ, ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਤੋਂ ਪੋਲਿੰਗ ਪਾਰਟੀਆਂ ਨੂੰ ਚੋਣ ਸਮਗਰੀ ਸਮੇਤ ਰਵਾਨਾ ਕੀਤਾ ਗਿਆ। ਨਗਰ ਕੌਂਸਲ ਬਸੀ ਪਠਾਣਾ ਲਈ ਆਈਟੀਆਈ ਬਸੀ ਪਠਾਣਾ ਅਤੇ ਨਗਰ ਪੰਚਾਇਤ ਖਮਾਣੋਂ ਲਈ ਸਕੂਲ ਆਫ ਐਮੀਨੈਂਸ ਖਮਾਣੋਂ ਤੋਂ ਪੋਲਿੰਗ ਪਾਰਟੀਆਂ ਨੂੰ ਸਮੇਤ ਚੋਣ ਸਮਗਰੀ ਰਵਾਨਾ ਕੀਤਾ ਗਿਆ। ਵੋਟਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਸੁਖਾਵੇਂ ਮਾਹੌਲ ’ਚ ਨੇਪਰੇ ਚੜਾਉਣ ਲਈ ਚੋਣ ਅਮਲੇ ਵਿਚ 1057 ਅਧਿਕਾਰੀ ਤੇ ਕਰਮਚਾਰੀ ਅਤੇ ਸੁਰੱਖਿਆ ਪੱਖੋਂ 870 ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹੇ ਵਿਚ ਕੁੱਲ 141 ਬੂਥ ਬਣਾਏ ਗਏ ਹਨ, ਜਿਸ ’ਚੋਂ 2 ਬੂਥਾਂ ਲਈ ਇਕ ਉਮੀਦਵਾਰ ਬਿਨ੍ਹਾਂ ਚੋਣ ਜੇਤੂ ਐਲਾਨਿਆ ਗਿਆ ਹੈ ਅਤੇ 139 ਬੂਥਾਂ ਲਈ 139 ਪੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ 50 ਬੂਥ ਸੰਵੇਦਨਸ਼ੀਲ ਹਨ ਅਤੇ 21 ਬੂਥ ਅਤਿ ਸੰਵੇਦਨਸ਼ੀਲ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰੇਕ ਵੋਟਰ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਪੋਲਿੰਗ ਸਟੇਸ਼ਨਾਂ ’ਤੇ ਸ਼ਾਂਤੀ ਬਣਾਈ ਰੱਖਣ ਵਿਚ ਸਹਿਯੋਗ ਦੇਣ।