- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਗਰਾ ਵੱਲੋਂ ਕਣਕ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਫਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਮੰਡੀਆ ਦੌਰਾ ਕਰਦਿਆ ਕਿਹਾ ਹੈ ਕਿ ਇਸ ਸਾਲ ਕਣਕ ਦੀ ਫ਼ਸਲ ਦਾ ਝਾੜ ਘੱਟ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ 500 ਰੁਪਏ ਪ੍ਰਤੀ ਕੁਇੰਟਲ ਵਿਸ਼ੇਸ਼ ਬੋਨਸ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਘੱਟ ਰਹੀ ਸੀ ਅਤੇ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਸੀ, ਪਰ ਉਸ ਵੇਲੇ ਵੀ ਸਰਕਾਰਾਂ ਵੱਲੋਂ ਕਿਸਾਨਾਂ ਲਈ ਕੋਈ ਖ਼ਾਸ ਰਾਹਤ ਨਹੀਂ ਦਿੱਤੀ ਗਈ।
ਨਾਗਰਾ ਨੇ ਦੱਸਿਆ ਕਿ ਇਸ ਸਾਲ ਮੌਸਮ ਵਿਚ ਆਈ ਅਚਾਨਕ ਤਬਦੀਲੀ—ਅਣਸਮੇਂ ਮੀਂਹ, ਤਾਪਮਾਨ ਵਿਚ ਉਤਾਰ-ਚੜ੍ਹਾਅ ਅਤੇ ਤੇਜ਼਼ ਹਵਾਵਾਂ—ਕਾਰਨ ਕਣਕ ਦੀ ਫ਼ਸਲ ਦੇ ਝਾੜ ’ਤੇ ਨਕਾਰਾਤਮਕ ਅਸਰ ਪਿਆ ਹੈ। ਉਨ੍ਹਾਂ ਅਨੁਸਾਰ ਫ਼ਸਲ ਦੀ ਉਪਜ 25 ਫ਼ੀਸਦੀ ਤੋਂ 30 ਫ਼ੀਸਦੀ ਤੱਕ ਘੱਟ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵੱਡੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਇਸ ਘਟੇ ਝਾੜ ਨਾਲ ਕਿਸਾਨਾਂ ਨੂੰ ਦੋਹਰਾ ਨੁਕਸਾਨ ਹੋ ਰਿਹਾ ਹੈ—ਇੱਕ ਪਾਸੇ ਉਪਜ ਘੱਟ ਹੋਈ ਹੈ ਅਤੇ ਦੂਜੇ ਪਾਸੇ ਲਾਗਤਾਂ ਲਗਾਤਾਰ ਵੱਧ ਰਹੀਆਂ ਹਨ। ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ ਅਤੇ ਆਪਣੀ ਮਿਹਨਤ ਦਾ ਪੂਰਾ ਮੁੱਲ ਨਹੀਂ ਪ੍ਰਾਪਤ ਕਰ ਪਾ ਰਿਹਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਦੇਸ਼ ਦੀ ਅੰਨ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁਸ਼ਕਲ ਘੜੀ ਵਿਚ ਕਿਸਾਨਾਂ ਦੀ ਬਾਂਹ ਫੜਨ।: ਨਾਗਰਾ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਲਈ 500 ਰੁਪਏ ਪ੍ਰਤੀ ਕੁਇੰਟਲ ਬੋਨਸ ਜਾਰੀ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਹੋ ਰਹੇ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਨਾਗਰਾ ਨੇ ਇਹ ਵੀ ਕਿਹਾ ਕਿ ਮੰਡੀਆਂ ਵਿਚ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਖ਼ਰੀਦ ਪ੍ਰਕਿਰਿਆ ਨੂੰ ਤੇਜ਼਼ ਕਰਨ ਅਤੇ ਅਦਾਇਗੀਆਂ ਸਮੇਂ ’ਤੇ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਆੜ੍ਹਤੀ ਰਾਜਵੀਰ ਸਿੰਘ ਰਾਜਾ, ਗੁਰਭੇਜ ਸਿੰਘ ਰਾਏ, ਸੰਜੂ ਰੁੜਕੀ, ਪਰਵਿੰਦਰ ਸਿੰਘ ਸਿੱਧੂਵਾਲ, ਗੁਰਵੀਰ ਸਿੰਘ ਰੁੜਕੀ, ਕੁਲਵੀਰ ਸਿੰਘ ਤਿੰਬਰਪੁਰ, ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਆੜ੍ਹਤੀ ਜਗਦੀਪ ਸਿੰਘ, ਮੇਵਾ ਸਿੰਘ, ਦੇਵ ਸਿੰਘ, ਸੁਖਭੇਜ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਰਨਵੀਰ ਸਿੰਘ, ਗੁਰਜੀਤ ਸਿੰਘ, ਲਖਵੀਰ ਸਿੰਘ, ਭੁਪਿੰਦਰ ਸਿੰਘ, ਪ੍ਰਗਟ ਸਿੰਘ ਬੱਬੂ ਤੇ ਹੋਰ ਆੜ੍ਹਤੀ ਤੇ ਕਿਸਾਨ ਤੇ ਮਜ਼ਦੂਰ ਮੌਜੂਦ ਸਨ।