ਫਤਿਹਗੜ੍ਹ ਸਾਹਿਬ ’ਚ ਡਾਕਟਰ ਰਿਆ ਖ਼ੁਦਕੁਸ਼ੀ ਕੇਸ ’ਚ ਨਵਾਂ ਮੋੜ, ਪਤੀ ਤੇ ਸਹੁਰੇ ਵਾਲਿਆਂ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ
ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰ ਵਿੱਚ ਰਹਿਣ ਵਾਲੀ ਮਹਿਲਾ ਡਾਕਟਰ ਰਿਆ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਬਠਿੰਡਾ ਦੀ ਰਹਿਣ ਵਾਲੀ ਮ੍ਰਿਤਕ ਡਾਕਟਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Publish Date: Tue, 05 May 2026 03:00 PM (IST)
Updated Date: Tue, 05 May 2026 03:03 PM (IST)
ਦੀਪਕ ਸੂਦ, ਫਤਿਹਗੜ੍ਹ ਸਾਹਿਬ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਕੁਆਰਟਰ ਵਿੱਚ ਰਹਿਣ ਵਾਲੀ ਮਹਿਲਾ ਡਾਕਟਰ ਰਿਆ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਬਠਿੰਡਾ ਦੀ ਰਹਿਣ ਵਾਲੀ ਮ੍ਰਿਤਕ ਡਾਕਟਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ 3 ਮਈ ਨੂੰ ਫਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਵਿੱਚ ਤਾਇਨਾਤ ਗਾਇਨੀ ਡਾਕਟਰ ਰਿਆ ਨੇ ਹਸਪਤਾਲ ਕੰਪਲੈਕਸ ਵਿੱਚ ਸਥਿਤ ਆਪਣੇ ਕੁਆਰਟਰ ਵਿੱਚ ਖ਼ੁਦਕੁਸ਼ੀ ਕਰ ਲਈ ਸੀ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਨੇ ਦੱਸਿਆ ਕਿ ਡਾਕਟਰ ਰਿਆ ਦਾ ਵਿਆਹ ਕਰੀਬ ਤਿੰਨ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦਾ ਸਹੁਰਾ ਪਰਿਵਾਰ ਚੰਡੀਗੜ੍ਹ ਵਿੱਚ ਰਹਿੰਦਾ ਹੈ।
ਪੁਲਿਸ ਅਨੁਸਾਰ, ਮ੍ਰਿਤਕਾ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਸਹੁਰੇ ਪੱਖ ਵੱਲੋਂ ਲਗਾਤਾਰ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਸਹੁਰੇ ਪੱਖ ਦੀਆਂ ਕਈ ਮੰਗਾਂ ਪੂਰੀਆਂ ਕੀਤੀਆਂ ਸਨ, ਪਰ ਹੁਣ ਉਹ 'ਇਨੋਵਾ' ਕਾਰ ਦੀ ਮੰਗ ਨੂੰ ਲੈ ਕੇ ਡਾਕਟਰ ਰਿਆ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ।
ਡਾਕਟਰ ਰਿਆ ਦਾ ਪਰਿਵਾਰ ਇਸ ਵੱਡੀ ਮੰਗ ਨੂੰ ਪੂਰਾ ਕਰਨ ਵਿੱਚ ਅਸਮਰੱਥ ਸੀ, ਜਿਸ ਕਾਰਨ ਉਹ ਕਾਫੀ ਮਾਨਸਿਕ ਤਣਾਅ ਵਿੱਚ ਰਹਿਣ ਲੱਗ ਪਈ ਸੀ। ਪੁਲਿਸ ਨੇ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਚੰਡੀਗੜ੍ਹ ਨਿਵਾਸੀ ਈਸ਼ਾਨ ਸਾਗਰ, ਸੱਸ ਮੀਨਾਕਸ਼ੀ ਅਤੇ ਸਹੁਰੇ ਤਰੁਣ ਸਾਗਰ ਦੇ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।