ਆਊਟਸੋਰਸ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਆਊਟਸੋਰਸ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Fri, 13 Mar 2026 06:50 PM (IST)
Updated Date: Fri, 13 Mar 2026 06:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਬਸੀ ਪਲਾਂਟ ਵਿਚ ਆਊਟਸੋਰਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਲਾਂਟ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿਚ ਠੇਕਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਢੁਕਵਾਂ ਕਾਨੂੰਨੀ ਪ੍ਰਬੰਧ ਨਹੀਂ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਨੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਰੈਗੂਲਰ ਕੀਤਾ ਜਾਵੇਗਾ, ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਲਿਆ ਕੇ ਰੈਗੂਲਰ ਕੀਤਾ ਜਾਵੇ, ਘੱਟੋ-ਘੱਟ ਉਜਰਤ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਨਿਰਧਾਰਿਤ ਕੀਤੀ ਜਾਵੇ ਅਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਅਸੂਲ ਲਾਗੂ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਪੱਕੀ ਅਤੇ ਸਮੇਂਬੱਧ ਨੀਤੀ ਬਣਾਈ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਪੁਨੀਤ ਸ਼ਰਮਾ, ਤੇਜ਼ਿੰਦਰ ਸਿੰਘ, ਨਰਿੰਦਰ ਸਿੰਘ, ਗੁਰਪ੍ਰਸ਼ਾਦ ਸਿੰਘ, ਰਣਧੀਰ ਸਿੰਘ, ਕਰਨਵੀਰ ਸਿੰਘ ਸਹਿਜਪਾਲ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ, ਅਤੇ ਵੱਡੀ ਗਿਣਤੀ ਵਿਚ ਆਊਟਸੋਰਸ ਮੁਲਾਜ਼ਮ ਮੌਜੂਦ ਸਨ।