- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਲਾ ਬਜਵਾੜਾ ਵਿਖੇ ਕਾਸੋ ਅਪਰੇਸ਼ਨ ਦੌਰਾਨ 18 ਤੋਂ ਵੱਧ ਕੇਸ ਦਰਜ, 40 ਸ਼ੱਕੀ ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਨਾਨਕ ਸਿੰਘ ਦੀ ਅਗਵਾਈ ਹੇਠ ਕੋਰਡਨ ਐਂਡ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸਪੀ ਅਮਨਦੀਪ ਸਿੰਘ ਬਰਾੜ, ਡੀਐਸਪੀ ਕੁਲਬੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ’ਚ ਲਗਾਤਾਰ ਸਰਚ ਅਪਰੇਸ਼ਨ ਚਲਾਏ ਜਾ ਰਹੇ ਹਨ। ਇਸੇ ਤਹਿਤ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵਿਆਪਕ ਪੱਧਰ ’ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਸੋ ਆਪਰੇਸ਼ਨ ਦੌਰਾਨ ਹੁਣ ਤੱਕ 40 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ 18 ਤੋਂ ਵੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਇਸ ਗ਼ੈਰ-ਕਾਨੂੰਨੀ ਧੰਦੇ ਨੂੰ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨੌਜਵਾਨੀ ਨੂੰ ਕੁਰਾਹੇ ਪਾਉਣ ਵਾਲਿਆਂ ਨੂੰ ਕਿਸੇ ਵੀ ਹਾਲਤ ’ਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਉਹ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ।