ਸਿਆਸੀ ਦਬਾਅ ਹੇਠ ਬਹਾਲ ਹੋਈ ਪੰਚਾਇਤ ਦਰ-ਦਰ ਦੇ ਧੱਕੇ ਖਾਣ ਲਈ ਮਜਬੂਰ : ਤਰਨਪ੍ਰੀਤ ਸਿੰਘ
ਸਿਆਸੀ ਦਬਾਅ ਹੇਠ ਬਹਾਲ ਹੋਈ ਪੰਚਾਇਤ ਦਰ-ਦਰ ਦੇ ਧੱਕੇ ਖਾਣ ਲਈ ਮਜਬੂਰ : ਤਰਨਪ੍ਰੀਤ ਸਿੰਘ
Publish Date: Tue, 16 Jun 2026 06:13 PM (IST)
Updated Date: Tue, 16 Jun 2026 06:15 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਰਿਊਣਾ ਉੱਚਾ ਦੀ ਬਹਾਲ ਹੋਈ ਪੰਚਾਇਤ ਦੇ ਸਰਪੰਚ ਦੇ ਪੁੱਤਰ ਤਰਨਪ੍ਰੀਤ ਸਿੰਘ ਤੇ ਕਿਸਾਨ ਆਗੂ ਸੁਰਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਨੂੰ ਆਪਣਾ ਕੰਮਕਾਜ ਸ਼ੁਰੂ ਕਰਨ ਲਈ ਅਜੇ ਵੀ ਪ੍ਰਸ਼ਾਸਨਿਕ ਤੇ ਸਿਆਸੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਾਇਤ ਦੇ ਹੱਕ ’ਚ ਅਦਾਲਤੀ ਫੈਸਲਾ ਆਉਣ ਦੇ ਬਾਵਜੂਦ ਪੁਰਾਣਾ ਰਿਕਾਰਡ ਨਾ ਸੌਂਪੇ ਜਾਣ ਕਾਰਨ ਪਿੰਡ ਦੇ ਵਿਕਾਸ ਕਾਰਜ ਠੱਪ ਪਏ ਹਨ। ਇਸ ਮਾਮਲੇ ਨੂੰ ਲੈ ਕੇ ਪਿੰਡ ਦੇ ਪੰਚ, ਪਤਵੰਤੇ ਆਗੂਆਂ ਤੇ ਕਿਸਾਨਾਂ ਦਾ ਇਕ ਵਫ਼ਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਪਹੁੰਚਿਆ ਤੇ ਤੁਰੰਤ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਦੀ ਚੁਣੀ ਹੋਈ ਪੰਚਾਇਤ ਨੂੰ ਬੇਬੁਨਿਆਦ ਇਲਜ਼ਾਮਾਂ ਦੇ ਆਧਾਰ ’ਤੇ ਸਰਕਾਰੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਉਸ ਦੀ ਥਾਂ ਅਧਿਕਾਰਕ ਪੰਚ ਨਿਯੁਕਤ ਕਰ ਦਿੱਤਾ ਗਿਆ ਸੀ, ਜਿਸ ਨਾਲ ਪਿੰਡ ਵਾਸੀਆਂ ’ਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਸੀ। ਉਨ੍ਹਾਂ ਦੱਸਿਆ ਕਿ ਪੰਚਾਇਤ ਮੈਂਬਰਾਂ ਨੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਦੀ ਅਦਾਲਤ ’ਚ ਚੁਣੌਤੀ ਦਿੱਤੀ। ਸਾਰੇ ਦਸਤਾਵੇਜ਼ਾਂ ਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਅਦਾਲਤ ਨੇ ਪੰਚਾਇਤ ਦੇ ਹੱਕ ’ਚ ਫੈਸਲਾ ਸੁਣਾਉਂਦਿਆਂ ਉਸ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਆਗੂਆਂ ਨੇ ਦੋਸ਼ ਲਗਾਇਆ ਕਿ ਬਹਾਲੀ ਦੇ ਹੁਕਮਾਂ ਦੇ ਬਾਵਜੂਦ ਪੰਚਾਇਤ ਨੂੰ ਅਜੇ ਤੱਕ ਪੁਰਾਣਾ ਰਿਕਾਰਡ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸੱਤਾਧਾਰੀ ਪਾਰਟੀ ਨਾਲ ਸਬੰਧਤ ਆਗੂ ਜਾਣਬੁੱਝ ਕੇ ਪੰਚਾਇਤ ਨੂੰ ਖੱਜਲ-ਖੁਆਰ ਕਰ ਰਹੇ ਹਨ ਤਾਂ ਜੋ ਉਹ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਨਾ ਕਰ ਸਕੇ। ਤਰਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਡੀਡੀਪੀਓ, ਪੰਚਾਇਤ ਅਫਸਰ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਕਈ ਅਧਿਕਾਰੀਆਂ ਨੂੰ ਲਿਖਤੀ ਮੰਗ ਪੱਤਰ ਸੌਂਪੇ ਗਏ ਹਨ, ਪਰ ਅਜੇ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਹ ਹੁਣ ਡਿਪਟੀ ਕਮਿਸ਼ਨਰ ਕੋਲ ਇਨਸਾਫ਼ ਦੀ ਉਮੀਦ ਲੈ ਕੇ ਪਹੁੰਚੇ ਹਨ। ਪੁਰਾਣਾ ਰਿਕਾਰਡ ਨਾ ਮਿਲਣ ਕਾਰਨ ਪੰਚਾਇਤ ਕਈ ਮਹੱਤਵਪੂਰਨ ਫੈਸਲੇ ਨਹੀਂ ਲੈ ਸਕਦੀ, ਜਿਸ ਕਾਰਨ ਪਿੰਡ ਦੀਆਂ ਸੜਕਾਂ, ਨਾਲੀਆਂ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਪਿੰਡ ਦੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਅਜੇ ਤੱਕ ਨਹੀਂ ਕਰਵਾਈ ਗਈ, ਜਿਸ ਕਾਰਨ ਜ਼ਮੀਨ ਠੇਕੇ ’ਤੇ ਲੈਣ ਵਾਲੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਸਮੇਂ ਸਿਰ ਜ਼ਮੀਨ ਨਾ ਮਿਲਣ ਕਾਰਨ ਫਸਲਾਂ ਦੀ ਬਿਜਾਈ ’ਚ ਦੇਰੀ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਕਿਸਾਨਾਂ ਦੀ ਆਮਦਨ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਤੋਂ ਮਿਲਣ ਵਾਲੀ ਆਮਦਨ ਪਿੰਡ ਦੇ ਵਿਕਾਸ ਕਾਰਜਾਂ ਲਈ ਇਕ ਮਹੱਤਵਪੂਰਨ ਸਰੋਤ ਹੁੰਦੀ ਹੈ। ਬੋਲੀ ਨਾ ਹੋਣ ਕਾਰਨ ਨਾ ਸਿਰਫ਼ ਕਿਸਾਨਾਂ ਨੂੰ ਨੁਕਸਾਨ ਹੋ ਰਹੀ ਹੈ, ਸਗੋਂ ਪਿੰਡ ਦੇ ਵਿਕਾਸ ਲਈ ਲੋੜੀਂਦੇ ਫੰਡ ਵੀ ਇਕੱਠੇ ਨਹੀਂ ਹੋ ਰਹੇ। ਪਿੰਡ ਦੇ ਆਗੂਆਂ ਅਤੇ ਕਿਸਾਨਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਬਹਾਲ ਹੋਈ ਪੰਚਾਇਤ ਨੂੰ ਤੁਰੰਤ ਪੁਰਾਣਾ ਰਿਕਾਰਡ ਸੌਂਪਿਆ ਜਾਵੇ, ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਈ ਜਾਵੇ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਪਿੰਡ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿੰਡ ਵਾਸੀਆਂ ਨੇ ਉਮੀਦ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਚਾਇਤ ਨੂੰ ਉਸ ਦੇ ਕਾਨੂੰਨੀ ਅਧਿਕਾਰ ਦਿਵਾਏਗਾ ਅਤੇ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਮਿਲੇਗੀ, ਜਿਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਨੂੰ ਰਾਹਤ ਵੀ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਚ ਬੂਟਾ ਸਿੰਘ, ਪੰਚ ਪ੍ਰਿਤਪਾਲ ਸਿੰਘ, ਪੰਚ ਰਾਜਵੀਰ ਸਿੰਘ, ਪੰਚ ਚੰਦਰ ਪ੍ਰਭਾ ਅਤੇ ਗੁਰਜਿੰਦਰ ਸਿੰਘ ਆਦਿ ਪਿੰਡ ਦੇ ਪਤਵੰਤੇ ਲੋਕ ਵੀ ਮੌਜੂਦ ਸਨ।