- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਤੋਂ ਲੋਕ ਦੁਖੀ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ’ਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ’ਤੇ ਸਖ਼ਤ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਟਿਊਬਵੈਲਾਂ ਲਈ 8 ਤੋਂ 10 ਘੰਟੇ ਬਿਜਲੀ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ, ਜਦਕਿ ਹਕੀਕਤ ’ਚ ਕਿਸਾਨਾਂ ਨੂੰ ਮਸਾਂ 1-2 ਘੰਟੇ ਹੀ ਬਿਜਲੀ ਮਿਲ ਰਹੀ ਹੈ। ਝੋਨੇ ਦੇ ਸੀਜ਼ਨ ਦੌਰਾਨ ਲੰਮੇ ਬਿਜਲੀ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ਼ਮਸਪੁਰ ਗਰਿਡ ਅਧੀਨ ਪੈਂਦੇ ਫੀਡਰ ਰਾਜਗੜ੍ਹ ਛੰਨਾ, ਸ਼ਮਸਪੁਰ ਅਤੇ ਲੱਖਾ ਸਿੰਘ ਵਾਲਾ ਦੀ ਮਾੜੀ ਸਪਲਾਈ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਸ਼ਹਿਰਾਂ ਅਤੇ ਪਿੰਡਾਂ ’ਚ ਘਰੇਲੂ ਬਿਜਲੀ ਸਪਲਾਈ ਦਾ ਵੀ ਬੁਰਾ ਹਾਲ ਹੈ। ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਘਰੇਲੂ ਕੰਮਾਂ, ਪਾਣੀ ਦੀ ਕਿੱਲਤ ਸਮੇਤ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਵਪਾਰ ਅਤੇ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।