ਸ਼ਹਿਰੀ ਖੇਤਰ ਦੇ ਲੋਕਾਂ ਨੂੰ ਅਜੇ ਤੱਕ ਨਹੀਂ ਮਿਲੀਆਂ ਬੁਨਿਆਦੀ ਸਹੂਲਤਾਂ : ਭੁੱਟਾ
ਸ਼ਹਿਰੀ ਖੇਤਰ ਦੇ ਲੋਕਾਂ ਨੂੰ ਅਜੇ ਤੱਕ ਨਹੀਂ ਮਿਲੀਆਂ ਬੁਨਿਆਦੀ ਸਹੂਲਤਾਂ : ਭੁੱਟਾ
Publish Date: Sat, 25 Apr 2026 05:50 PM (IST)
Updated Date: Sat, 25 Apr 2026 05:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰੀਸ਼ਦ ਫਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਆਦਰਸ਼ ਨਗਰ ਅਤੇ ਗੋਲਡਨ ਸਿਟੀ ਸਰਹਿੰਦ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 80 ਸਾਲ ਹੋਣ ਦੇ ਬਾਵਜੂਦ ਸ਼ਹਿਰੀ ਖੇਤਰ ਦੇ ਨਾਗਰਿਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਸ਼ਹਿਰੀਆਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਬਲਜੀਤ ਸਿੰਘ ਭੁੱਟਾ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਸਰਕਾਰ ਆਪਣੇ ਵਾਅਦੇ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਪਿਛਲੇ 4 ਸਾਲਾਂ ਦੌਰਾਨ ਕੋਈ ਨਵਾਂ ਵੱਡਾ ਵਿਕਾਸ ਕਾਰਜ ਨਹੀਂ ਹੋਇਆ, ਸਗੋਂ ਪਿਛਲੀਆਂ ਸਰਕਾਰਾਂ ਦੇ ਕੰਮਾਂ ਨੂੰ ਹੀ ਅੱਗੇ ਵਧਾਇਆ ਗਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਦੱਸਦਿਆਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਸੂਬੇ ਵਿਚ ਅਸਲ ਭਲਾਈ ਸਕੀਮਾਂ ਸ਼ੁਰੂ ਹੋਈਆਂ ਸਨ। ਹਲਕਾ ਇੰਚਾਰਜ ਨੇ ਕਿਹਾ ਕਿ ਉਨ੍ਹਾਂ ਦੀਆਂ ਮੀਟਿੰਗਾਂ ਦਾ ਮਕਸਦ ਪੰਜਾਬ ਵਿੱਚ ਮੁੜ ਵਿਕਾਸ ਦੀ ਲਹਿਰ ਪੈਦਾ ਕਰਨਾ ਹੈ, ਜੋ ਸਿਰਫ਼ ਅਕਾਲੀ ਦਲ ਦੀ ਸਰਕਾਰ ਵਿੱਚ ਹੀ ਸੰਭਵ ਹੈ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਹਮਾਯੂਪੁਰ ਸਰਹਿੰਦ ਦੇ ਪ੍ਰਧਾਨ ਤਜਿੰਦਰ ਸਿੰਘ ਕੋਹਲੀ, ਪੰਕਜ ਸ਼ਰਮਾ, ਬਲਜੀਤ ਸਿੰਘ ਆਦਰਸ਼ ਨਗਰ, ਬੰਸ਼ਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਗੁਰਮੀਤ ਸਿੰਘ, ਤੇਜ ਭਾਨ ਸਿੰਘ, ਲਵਪ੍ਰੀਤ ਸਿੰਘ, ਜਸਕਰਨ ਸਿੰਘ, ਹਰਜੀਤ ਸਿੰਘ, ਗੁਰਜੀਤ ਸਿੰਘ ਗਿੱਲ, ਨਰਿੰਦਰ ਪਾਲ ਸਿੰਘ, ਸਰਬਜੀਤ ਸਿੰਘ, ਪ੍ਰੇਮ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ ਚੱਕਲ, ਸਿਮਰਨ ਕੌਰ ਗਿੱਲ, ਮਨਜੀਤ ਸਿੰਘ ਮਾਨ ਖਾਨਪੁਰ ਅਤੇ ਹਰਪ੍ਰੀਤ ਸਿੰਘ ਤਲਾਣੀਆ ਸਮੇਤ ਕਈ ਹੋਰ ਆਗੂ ਮੌਜੂਦ ਸਨ।