- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਦਾ ਦਮਨਕਾਰੀ ਚਿਹਰਾ ਨੰਗਾ ਹੋਇਆ : ਧਾਰਨੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ: ਪਿੰਡ ਭੰਮੇ ਕਲਾਂ ਦੇ 32 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਮੌਤ ਮਗਰੋਂ ਸੋਗ ਵਿੱਚ ਡੁੱਬੇ ਪਰਿਵਾਰ ਤੋਂ ਪੁਲਿਸ ਵੱਲੋਂ ਜ਼ਬਰਦਸਤੀ ਲਾਸ਼ ਖੋਹਣ ਦੀ ਕਾਰਵਾਈ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਦਮਨਕਾਰੀ ਚਿਹਰੇ ਨੂੰ ਨੰਗਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਿਹੜੀ ਸਰਕਾਰ ਦੁਖੀ ਮਾਪਿਆਂ ਦਾ ਦਰਦ ਨਾ ਸਮਝ ਕੇ ਲਾਸ਼ ਵਾਲਾ ਤਾਬੂਤ ਜ਼ਬਰਦਸਤੀ ਚੁੱਕ ਲਵੇ, ਉਸ ਤੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਇੱਜ਼ਤ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮਾਨਸਾ ਨੂੰ ਪੁਲਿਸ ਛਾਉਣੀ ਵਿੱਚ ਬਦਲ ਕੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣਾ ਅਤੇ ਆਗੂਆਂ ’ਤੇ ਤਸ਼ੱਦਦ ਕਰਨਾ ਲੋਕਤੰਤਰ ਦਾ ਘਾਣ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਨੂੰ ਪੁਲਿਸ ਸਟੇਟ ਬਣਾਇਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਹਰ ਘਰ ਦੀ ਆਵਾਜ਼ ਸੁਣਨ ਦੇ ਵਾਅਦੇ ਤੋਂ ਮੁੱਕਰ ਕੇ ਲੋਕਾਂ ਦੀ ਆਵਾਜ਼ ਨੂੰ ਲਾਠੀਆਂ ਅਤੇ ਹਿਰਾਸਤ ਨਾਲ ਦਬਾਉਣ ’ਚ ਲੱਗੀ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਾਰਟੀ ਨੇ ਮੌਤ ਦੇ ਕਾਰਨਾਂ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।