ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਿਆਂ ਦੀ ਹੁਣ ਖੈਰ ਨਹੀਂ; ਪੁਲਿਸ ਨੇ ਅਣਪਛਾਤਿਆਂ ਵਿਰੁੱਧ ਕਸੀ ਨੱਥ
ਈ-ਮੇਲ ਰਾਹੀਂ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫ਼ਤਹਿਗੜ੍ਹ ਸਾਹਿਬ ਦੇ ਡੀ.ਐੱਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਸੈਸ਼ਨ ਜੱਜ ਦੀ ਈ-ਮੇਲ 'ਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।
Publish Date: Thu, 15 Jan 2026 04:31 PM (IST)
Updated Date: Thu, 15 Jan 2026 04:45 PM (IST)

ਦੀਪਕ ਸੂਦ, ਫ਼ਤਹਿਗੜ੍ਹ ਸਾਹਿਬ - ਈ-ਮੇਲ ਰਾਹੀਂ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫ਼ਤਹਿਗੜ੍ਹ ਸਾਹਿਬ ਦੇ ਡੀ.ਐੱਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਸੈਸ਼ਨ ਜੱਜ ਦੀ ਈ-ਮੇਲ 'ਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।
ਧਮਕੀ ਤੋਂ ਬਾਅਦ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੂਰੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਸੀ। ਆਮ ਲੋਕਾਂ ਅਤੇ ਮੁਲਾਜ਼ਮਾਂ ਦੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਗਈ ਸੀ। ਅਦਾਲਤ ਵਿੱਚ ਮੌਜੂਦ ਵਕੀਲਾਂ, ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਬਾਹਰ ਹੀ ਰੱਖਿਆ ਗਿਆ। ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਾ ਹੋਵੇ, ਇਸ ਲਈ ਪੁਲਿਸ ਦੀਆਂ ਟੀਮਾਂ ਨੇ ਸੁਰੱਖਿਆ ਉਪਕਰਨਾਂ ਦੀ ਮਦਦ ਨਾਲ ਅਦਾਲਤੀ ਕੰਪਲੈਕਸ ਦੇ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਕਈ ਘੰਟਿਆਂ ਤੱਕ ਚੱਲੀ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਡੀ.ਐੱਸ.ਪੀ. ਕੁਲਬੀਰ ਸਿੰਘ ਦਾ ਕਹਿਣਾ ਹੈ ਕਿ ਅਜਿਹੀਆਂ ਧਮਕੀਆਂ ਦੇ ਕੇ ਲੋਕਾਂ ਵਿੱਚ ਡਰ ਫੈਲਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ ਅਤੇ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ। ਜੇਕਰ ਕਿਤੇ ਵੀ ਕੋਈ ਸ਼ੱਕੀ ਚੀਜ਼ ਦਿਖਾਈ ਦੇਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਦਿੱਤੀ ਜਾਵੇ।