'ਆਪ' ਵਿਧਾਇਕ ਦੇ ਦਫ਼ਤਰ ਬਾਹਰ ਪਾੜੇ ਸਿਆਸੀ ਬੈਨਰ, ਸੀ.ਸੀ.ਟੀ.ਵੀ. ਕੈਮਰਿਆਂ ਨਾਲ ਵੀ ਛੇੜਛਾੜ ਕੁਝ ਅਣਪਛਾਤੇ ਅਸਮਾਜਿਕ ਅਨਸਰਾਂ ਵੱਲੋਂ ਇਸ ਬੈਨਰ ਨੂੰ ਪਾੜ ਦਿੱਤਾ ਗਿਆ ਅਤੇ ਲਾਗੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਨਾਲ ਛੇੜਛਾੜ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਰਹਿੰਦ-ਜੋਤੀ ਸਰੂਪ ਮੋੜ ਕੋਲ ਵੀ ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਪਾੜੇ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ।
Publish Date: Mon, 19 Oct 2026 03:55 PM (IST)
Updated Date: Mon, 19 Oct 2026 03:59 PM (IST)
ਦੀਪਕ ਸੂਦ, ਫ਼ਤਿਹਗੜ੍ਹ ਸਾਹਿਬ। ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਸਰਹਿੰਦ ਸਥਿਤ ਮੁੱਖ ਦਫ਼ਤਰ ਬਾਹਰ ਲੱਗੇ ਸਿਆਸੀ ਬੈਨਰ ਪਾੜਨ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਫ਼ਤਿਹਗੜ੍ਹ ਸਾਹਿਬ ਕੁਲਵੀਰ ਸਿੰਘ ਨੇ ਦੱਸਿਆ ਕਿ ਸਰਹਿੰਦ ਸਥਿਤ ਵਿਧਾਇਕ ਲਖਬੀਰ ਸਿੰਘ ਰਾਏ ਦੇ ਦਫ਼ਤਰ ਬਾਹਰ ਇੱਕ ਸਿਆਸੀ ਬੈਨਰ ਲੱਗਿਆ ਹੋਇਆ ਸੀ, ਜਿਸ 'ਤੇ ਸਰਹਿੰਦ ਨਗਰ ਕੌਂਸਲ ਦੀ ਪ੍ਰਧਾਨ ਆਸ਼ਾ ਰਾਣੀ ਅਤੇ ਵਿਧਾਇਕ ਲਖਬੀਰ ਸਿੰਘ ਰਾਏ ਦੀਆਂ ਤਸਵੀਰਾਂ ਛਪੀਆਂ ਹੋਈਆਂ ਸਨ।
ਕੁਝ ਅਣਪਛਾਤੇ ਅਸਮਾਜਿਕ ਅਨਸਰਾਂ ਵੱਲੋਂ ਇਸ ਬੈਨਰ ਨੂੰ ਪਾੜ ਦਿੱਤਾ ਗਿਆ ਅਤੇ ਲਾਗੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਨਾਲ ਛੇੜਛਾੜ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਰਹਿੰਦ-ਜੋਤੀ ਸਰੂਪ ਮੋੜ ਕੋਲ ਵੀ ਆਮ ਆਦਮੀ ਪਾਰਟੀ ਵੱਲੋਂ ਲਗਾਏ ਗਏ ਪੋਸਟਰਾਂ ਨੂੰ ਪਾੜੇ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ।
ਪੁਲਿਸ ਚੌਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਅਤੇ ਥਾਣਾ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਰੂਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਡੀ.ਐੱਸ.ਪੀ. ਕੁਲਵੀਰ ਸਿੰਘ ਨੇ ਸਖ਼ਤ ਰੁਖ਼ ਅਪਣਾਉਂਦਿਆਂ ਚਿਤਾਵਨੀ ਦਿੱਤੀ ਹੈ ਕਿ ਖੇਤਰ ਦਾ ਸ਼ਾਂਤ ਮਾਹੌਲ ਖ਼ਰਾਬ ਕਰਨ ਜਾਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਉਣ ਵਾਲੇ ਅਸਮਾਜਿਕ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਪੂਰੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। ਪੋਸਟਰਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।