- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਦੇ ਬਿਆਨ ਨੇ ‘ਆਪ’ ਸਰਕਾਰ ਦੀ ਸਿਆਸੀ ਘਬਰਾਹਟ ਜੱਗ-ਜ਼ਾਹਰ ਕੀਤੀ : ਚਨਾਰਥਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਤੱਕੜੀ ਚੋਣ ਨਿਸ਼ਾਨ ਨੂੰ ਛੱਡ ਕੇ ਕਿਸੇ ਵੀ ਹੋਰ ਪਾਰਟੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਬਿਆਨ ਨੇ ਆਮ ਆਦਮੀ ਪਾਰਟੀ ਦੀ ਸਿਆਸੀ ਘਬਰਾਹਟ ਨੂੰ ਜੱਗ-ਜ਼ਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦਾ ਮੁੱਖ ਮੰਤਰੀ ਖੁਦ ਲੋਕਾਂ ਨੂੰ ਅਕਾਲੀ ਦਲ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਨ ਲੱਗ ਪਵੇ ਤਾਂ ਇਹ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਦੀ ਵਧ ਰਹੀ ਸਿਆਸੀ ਸਰਗਰਮੀ ਅਤੇ ਲੋਕਾਂ ਨਾਲ ਮਜ਼ਬੂਤ ਹੋ ਰਹੇ ਸੰਪਰਕ ਨੂੰ ਲੈ ਕੇ ਸਰਕਾਰ ਚਿੰਤਤ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਨੂੰ ਆਪਣੇ 4 ਸਾਲਾਂ ਦੇ ਕੰਮਾਂ ’ਤੇ ਭਰੋਸਾ ਹੈ ਤਾਂ ਮੁੱਖ ਮੰਤਰੀ ਨੂੰ ਕਿਸੇ ਪਾਰਟੀ ਦਾ ਨਾਮ ਲੈ ਕੇ ਲੋਕਾਂ ਨੂੰ ਉਸ ਦੇ ਵਿਰੁੱਧ ਵੋਟ ਪਾਉਣ ਲਈ ਕਹਿਣ ਦੀ ਲੋੜ ਕਿਉਂ ਪੈ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਕੰਮਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖੇ ਅਤੇ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲ ਕਰੇ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ’ਚ ਵੋਟ ਪਾਉਣਾ ਹਰ ਨਾਗਰਿਕ ਦਾ ਆਪਣਾ ਅਧਿਕਾਰ ਹੈ ਅਤੇ ਪੰਜਾਬ ਦੇ ਲੋਕ ਕਿਸੇ ਦੇ ਕਹਿਣ ਜਾਂ ਡਰਾਉਣ ਨਾਲ ਨਹੀਂ, ਸਗੋਂ ਆਪਣੇ ਤਜਰਬੇ ਅਤੇ ਸੋਚ ਦੇ ਆਧਾਰ ’ਤੇ ਫੈਸਲਾ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦਾ ਲੋਕਾਂ ਨਾਲ ਪੁਰਾਣਾ ਰਿਸ਼ਤਾ ਹੈ ਅਤੇ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦਿਆਂ ਲੋਕਾਂ ’ਚ ਆਪਣੀ ਜਗ੍ਹਾ ਬਣਾਉਣ ਲਈ ਯਤਨਸ਼ੀਲ ਹੈ। ਪੰਜਾਬ ਦੇ ਲੋਕ ਹਰ ਸਿਆਸੀ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਦੇ ਸਮਰੱਥ ਹਨ ਅਤੇ ਸਮਾਂ ਆਉਣ ’ਤੇ ਆਪਣੀ ਵੋਟ ਰਾਹੀਂ ਜਵਾਬ ਦੇਣਗੇ।