ਫ਼ਤਹਿਗੜ੍ਹ ਸਾਹਿਬ 'ਚ ਸਿਆਸੀ ਘਮਸਾਣ; ਸਾਬਕਾ ਵਿਧਾਇਕ ਨਾਗਰਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਮੌਜੂਦਾ ਵਿਧਾਇਕ ਨੂੰ ਲੰਮੇ ਹੱਥੀਂ ਲਿਆ
ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਨੇ ਜ਼ਿਲ੍ਹੇ ਦੀ ਸਿਆਸਤ ਨੂੰ ਵੀ ਗਰਮਾ ਦਿੱਤਾ ਹੈ। ਇਸੇ ਸਬੰਧੀ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਦਾ ਇੱਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਜ਼ਮੀਨ ਦੀ ਲੀਜ਼ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਗਰਾ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਵੱਲੋਂ ਪਾਰਟੀ ਦੇ ਇੱਕ ਵੱਡੇ ਆਗੂ ਦੇ ਕਹਿਣ 'ਤੇ ਪੰਚਾਇਤੀ ਜ਼ਮੀਨ ਚੰਡੀਗੜ੍ਹ ਦੇ ਇੱਕ ਵਿਅਕਤੀ ਨੂੰ ਲੀਜ਼ 'ਤੇ ਦਿੱਤੀ ਗਈ ਹੈ। ਉਨ੍ਹਾਂ ਕਿਹਾ
Publish Date: Fri, 26 Jun 2026 04:43 PM (IST)
Updated Date: Fri, 26 Jun 2026 04:45 PM (IST)

ਫ਼ਤਹਿਗੜ੍ਹ ਸਾਹਿਬ : ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਨੇ ਜ਼ਿਲ੍ਹੇ ਦੀ ਸਿਆਸਤ ਨੂੰ ਵੀ ਗਰਮਾ ਦਿੱਤਾ ਹੈ। ਇਸੇ ਸਬੰਧੀ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਦਾ ਇੱਕ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਜ਼ਮੀਨ ਦੀ ਲੀਜ਼ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਗਰਾ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਵੱਲੋਂ ਪਾਰਟੀ ਦੇ ਇੱਕ ਵੱਡੇ ਆਗੂ ਦੇ ਕਹਿਣ 'ਤੇ ਪੰਚਾਇਤੀ ਜ਼ਮੀਨ ਚੰਡੀਗੜ੍ਹ ਦੇ ਇੱਕ ਵਿਅਕਤੀ ਨੂੰ ਲੀਜ਼ 'ਤੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ, ਕਿਉਂਕਿ ਨਾ ਤਾਂ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਬੋਲੀ ਕਰਵਾਈ ਗਈ ਅਤੇ ਨਾ ਹੀ ਉਸ ਦੀ ਵੀਡੀਓਗ੍ਰਾਫੀ ਕੀਤੀ ਗਈ।
ਨਾਗਰਾ ਨੇ ਇਹ ਵੀ ਦੋਸ਼ ਲਗਾਇਆ ਕਿ ਲੀਜ਼ ਲੈਣ ਵਾਲਾ ਵਿਅਕਤੀ ਕਥਿਤ ਤੌਰ 'ਤੇ ਦਰਜਨਾਂ ਗੱਡੀਆਂ ਵਿੱਚ ਸੈਂਕੜੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਪਹੁੰਚਿਆ ਅਤੇ ਮਾਰੂ ਹਥਿਆਰਾਂ ਦੇ ਜ਼ੋਰ 'ਤੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਧਰਨਾ-ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਸਮਰਥਨ ਮਿਲਿਆ। ਕਬਜ਼ਾ ਕਰਨ ਆਏ ਵਿਅਕਤੀਆਂ ਵਿੱਚੋਂ ਤਿੰਨ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਸੀ ਪਰੰਤੂ ਪੁਲਿਸ ਵੱਲੋਂ ਸਿਆਸੀ ਦਬਾਅ ਹੇਠ ਉਹਨਾਂ ਵਿਅਕਤੀਆਂ ਨੂੰ ਬਿਨਾਂ ਕਾਰਵਾਈ ਤੋਂ ਹੀ ਛੱਡ ਦਿੱਤਾ ਗਿਆ। ਸਾਬਕਾ ਵਿਧਾਇਕ ਨੇ ਹਲਕਾ ਵਿਧਾਇਕ 'ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕਥਿਤ ਸਾਜ਼ਿਸ਼ ਤਹਿਤ ਪ੍ਰਸ਼ਾਸਨ ਨੇ ਭੋਲੇ-ਭਾਲੇ ਪਿੰਡ ਵਾਸੀਆਂ ਦੀ ਜ਼ਮੀਨ 'ਤੇ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਮਾਮਲਾ ਵਿਵਾਦਿਤ ਹੋ ਗਿਆ ਤਾਂ ਵਿਧਾਇਕ ਵੱਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਮਸਲਾ ਗੱਲਬਾਤ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਲੋਕ ਇਸ ਨਾਲ ਸੰਤੁਸ਼ਟ ਨਹੀਂ ਹੋਏ।
ਨਾਗਰਾ ਨੇ ਅੱਗੇ ਦੋਸ਼ ਲਗਾਇਆ ਕਿ ਸਰਪੰਚ ਤੋਂ ਇਹ ਪੱਤਰ ਲਿਖਵਾਇਆ ਗਿਆ ਕਿ ਉਹ ਅਨਪੜ੍ਹ ਅਤੇ ਬਿਮਾਰ ਹੋਣ ਕਾਰਨ ਆਪਣੀਆਂ ਜ਼ਿੰਮੇਵਾਰੀਆਂ ਨਹੀਂ ਨਿਭਾ ਸਕਦੀ। ਇਸ ਦੇ ਆਧਾਰ 'ਤੇ ਪ੍ਰਸ਼ਾਸਨ ਨੇ ਪੰਚਾਇਤ 'ਤੇ ਪ੍ਰਬੰਧਕ ਨਿਯੁਕਤ ਕਰ ਦਿੱਤਾ, ਜਦਕਿ ਕਾਨੂੰਨ ਅਨੁਸਾਰ ਪੰਚਾਇਤ ਆਪਣੇ ਕਿਸੇ ਪੰਚ ਨੂੰ ਕਾਰਜਕਾਰੀ ਸਰਪੰਚ ਚੁਣ ਸਕਦੀ ਸੀ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਕਿਸੇ ਹੋਰ ਮਕਸਦ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ। ਨਾਗਰਾ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਹ ਹਨ ਉਦੋਂ ਇਹ ਲੋਟੂ ਲੋਕ ਪਿੰਡ ਵਾਸੀਆਂ ਨਾਲ ਧੱਕਾ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਇਹ ਧੱਕਾ ਹੋਣ ਦੇਣਗੇ। ਇਸ ਮੌਕੇ ਪਿੰਡ ਵਾਸੀਆਂ ਲਖਵਿੰਦਰ ਸਿੰਘ ਛਲੇੜੀ, ਸਾਬਕਾ ਸਰਪੰਚ ਤਰਸੇਮ ਸਿੰਘ ਅਤੇ ਅਮਰ ਸਿੰਘ ਨੇ ਵੀ ਸਰਕਾਰ 'ਤੇ ਤਿੱਖੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਟੇਜਾਂ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪੁਰਖਿਆਂ ਦੀ ਵਿਰਾਸਤ ਸੰਭਾਲਣ ਦੇ ਵੱਡੇ ਵੱਡੇ ਭਾਸ਼ਣ ਦਿੱਤੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਲੋਕਾਂ ਦੀਆਂ ਪੁਸ਼ਤੈਨੀ ਪੰਚਾਇਤੀ ਜ਼ਮੀਨਾਂ ਖੋਹਣ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।
ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ 2012 ਤੋਂ 2022 ਤੱਕ ਜਦੋਂ ਕੁਲਜੀਤ ਸਿੰਘ ਨਾਗਰਾ ਵਿਧਾਇਕ ਸਨ ਉਸ ਸਮੇਂ ਦੌਰਾਨ ਇਸ ਜ਼ਮੀਨ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਇਆ, ਪਰ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਥਿਤ ਤੌਰ 'ਤੇ ਪਾਰਟੀ ਦੇ ਆਗੂਆਂ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਸ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਜਮੀਨ ਦੇ ਸਾਰੇ ਕਾਗਜ ਪੱਤਰ ਜੋ ਉਹਨਾਂ ਦੇ ਪੁਰਖਾਂ ਵੱਲੋਂ ਸਰਕਾਰ ਨੂੰ ਇਸ ਜਮੀਨ ਦੀ ਅਦਾਇਗੀ ਕੀਤੀ ਗਈ ਹੈ ਉਸ ਬਾਬਤ ਸਾਰੇ ਨਿਕਤੀ ਸਬੂਤ ਉਹਨਾਂ ਨੇ ਪ੍ਰਸ਼ਾਸਨ ਨੂੰ ਦਿੱਤੇ ਹਨ ਪਰੰਤੂ ਮਾਨਯੋਗ ਅਦਾਲਤ ਵਿੱਚ ਕੇਸ ਚੱਲਣ ਦੇ ਬਾਵਜੂਦ ਵੀ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਵੱਲੋਂ ਅਦਾਲਤ ਦੇ ਹੁਕਮਾਂ ਨੂੰ ਛਿੱਕੇ ਤੇ ਟੰਗ ਕੇ ਇਸ ਜਮੀਨ ਤੇ ਕਬਜ਼ਾ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਮਾਣਯੋਗ ਅਦਾਲਤ ਦੀ ਕਾਰਵਾਈ ਤੇ ਪੂਰਾ ਭਰੋਸਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸੁਬੇਗ ਸਿੰਘ,ਲਖਵਿੰਦਰ ਸਿੰਘ ਲੱਖਾ,ਅਮਰ ਸਿੰਘ,ਭਗਵਾਨ ਸਿੰਘ, ਭੰਤ ਸਿੰਘ,ਅਸ਼ੋਕ ਕੁਮਾਰ, ਜੀਤ ਸਿੰਘ, ਕਰਮਜੀਤ ਸਿੰਘ ਫੌਜੀ, ਜਗਦੀਪ ਸਿੰਘ, ਸੁਰਿੰਦਰ ਸਿੰਘ,ਖਜਾਨ ਸਿੰਘ, ਹਰਵਿੰਦਰ ਸਿੰਘ, ਰਣਜੀਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।