
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਰਲਡ ਯੂਨੀਵਰਸਿਟੀ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਤੇ ਵਿਚਾਰ ਚਰਚਾ ਸਮਾਗਮ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵੱਖ-ਵੱਖ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ ਚਰਚਾ ਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਇਸ ਸਮਾਗਮ ’ਚ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਵਕਤਾ ਵਜੋਂ ਸ਼ਾਮਲ ਹੋਏ ਕਾਨੂੰਨਦਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਮੈਂਬਰ ਚੌਥੀ ਸ਼ਤਾਬਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਮੈਮੋਰੀਅਲ ਟਰੱਸਟ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਨਿਆਂਪਾਲਿਕਾ, ਵਿਧਾਨਪਾਲਿਕਾ ਤੇ ਕਾਰਜਪਾਲਿਕਾ ਦੇ ਪੱਧਰ ’ਤੇ ਹੋ ਰਹੇ ਵਿਤਕਰੇ ਬੇਹੱਦ ਨਿਰਾਸ਼ਾਜਨਕ ਹਨ। ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਤੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ। ਵਿਸ਼ੇ ਦੀ ਜਾਣ-ਪਛਾਣ ਕਰਵਾਉਂਦਿਆਂ ਡਾ. ਹਰਦੇਵ ਸਿੰਘ, ਡੀਨ ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਨੂੰ ਜਾਬਰ ਆਖ ਕੇ ਵੰਗਾਰਿਆ ਸੀ ਅਤੇ ਸਿੱਖ ਪੰਥ ਹਮੇਸ਼ਾ ਹੁਕਮਰਾਨਾਂ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਿਪਟੀ ਰਜਿਸਟਰਾਰ ਜਗਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।