
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਗੁਜਰੀ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਤੀ ਅਰਦਾਸ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਏ ਜਾ ਰਹੇ ਅਰਦਾਸ ਸਮਾਗਮਾਂ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਵੱਲੋਂ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਸਮੁੱਚੇ ਵਿੱਦਿਅਕ ਅਦਾਰਿਆਂ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਕਿ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਪੈਰੋਲ ਨੂੰ ਸਰਕਾਰਾਂ ਵੱਲੋਂ ਲਟਕਾਉਣਾ ਅਤੇ ਦੂਜੇ ਪਾਸੇ ਸੰਗੀਨ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦੇਣਾ ਸਿੱਖਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮਨੁੱਖਤਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਦਾ ਹੱਲ ਸਮੇਂ ਦੀ ਮੁੱਖ ਲੋੜ ਹੈ।