- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦੀ ਸਭਾ ਦੀਆਂ ਤਿਆਰੀਆਂ ਸ਼ੁਰੂ, ਸ਼ਹਿਰ ਨੂੰ ਸੈਕਟਰਾਂ ’ਚ ਵੰਡ ਕੇ ਕੀਤੀ ਜਾਵੇਗੀ ਸਫ਼ਾਈ : ਡੀਸੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ 26, 27 ਅਤੇ 28 ਦਸੰਬਰ ਨੂੰ ਕਰਵਾਈ ਜਾਣ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਸ਼ਹੀਦੀ ਸਭਾ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ ਅਤੇ ਸੜਕਾਂ ਕਿਨਾਰੇ ਖੜ੍ਹੇ ਦਰੱਖਤਾਂ ਦੀ ਛੰਗਾਈ ਵੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਸੈਕਟਰਾਂ ’ਚ ਵੰਡ ਕੇ ਸਾਫ਼-ਸਫ਼ਾਈ ਕਰਵਾਈ ਜਾਵੇਗੀ। ਸਭਾ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਆਮ ਖ਼ਾਸ ਬਾਗ਼ ਵਿਖੇ ਇਤਿਹਾਸਕ ਨਾਟਕ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਹੀ ਕੀਰਤਨ ਦਾ ਪ੍ਰਸਾਰਨ ਹੋਵੇਗਾ, ਜਦਕਿ ਲੰਗਰਾਂ ’ਚ ਉੱਚੀ ਆਵਾਜ਼ ’ਚ ਸਪੀਕਰ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਆਰਜ਼ੀ ਪਖਾਨੇ, ਆਰਜ਼ੀ ਪਾਰਕਿੰਗ ਅਤੇ ਬਜ਼ੁਰਗਾਂ, ਔਰਤਾਂ, ਬੱਚਿਆਂ ਤੇ ਦਿਵਿਆਂਗਜਨਾਂ ਲਈ ਮਿੰਨੀ ਬੱਸਾਂ ਤੇ ਈ-ਰਿਕਸ਼ਾ ਚਲਾਏ ਜਾਣਗੇ। ਸਿਹਤ ਵਿਭਾਗ ਵੱਲੋਂ ਐਂਬੂਲੈਂਸਾਂ, ਡਿਸਪੈਂਸਰੀਆਂ ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ 24 ਘੰਟੇ ਕੰਮ ਕਰਨ ਵਾਲੇ ਪੁੱਛਗਿੱਛ ਕੇਂਦਰ ਵੀ ਸਥਾਪਤ ਹੋਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਮਤ ਵਿਜੈ ਸਿੰਘ, ਐਸਪੀ ਧਰਮਵੀਰ ਸਿੰਘ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਐਸਡੀਐਮ ਖਮਾਣੋਂ ਅਭਿਮਨਿਊ ਮਲਿਕ, ਐਸਡੀਐਮ ਅਮਲੋਹ ਹਰਵੀਰ ਕੌਰ ਅਤੇ ਸਹਾਇਕ ਸਿਵਲ ਸਰਜਨ ਕੇਡੀ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।