- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਸਤੰਬਰ ਦੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਤੇਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਆਵਾਜ਼ ਬੁਲੰਦ ਕਰਨ ਲਈ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਅਕਾਲੀ ਦਲ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਹਲਕਾ ਬੱਸੀ ਪਠਾਣਾਂ ਇੰਚਾਰਜ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਤੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਦੀ ਪਹਿਰੇਦਾਰੀ ਕੀਤੀ ਹੈ। ਅੱਜ ਜਦੋਂ ਸੂਬਾ ਵਾਸੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਹਨ ਤਾਂ ਪੰਜਾਬ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉਠਾਉਣ ਦੀ ਲੋੜ ਹੈ। ਅਕਾਲੀ ਆਗੂਆਂ ਨੇ ਹਲਕਾ ਬਸੀ ਪਠਾਣਾਂ ਦੇ ਸਮੁੱਚੇ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਵੱਡੀ ਗਿਣਤੀ ’ਚ ਪਹੁੰਚ ਕੇ ਰਿਕਾਰਡ ਤੋੜ ਇਕੱਠ ਕਰਨ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣ ਕੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ।