ਬਾਬਾ ਮੋਤੀ ਮਹਿਰਾ ਨੂੰ ਪ੍ਰੋ. ਬਡੂੰਗਰ ਵੱਲੋਂ ਸ਼ਰਧਾਂਜਲੀ ਭੇਟ
ਬਾਬਾ ਮੋਤੀ ਮਹਿਰਾ ਨੂੰ ਪ੍ਰੋ. ਬਡੂੰਗਰ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ
Publish Date: Sun, 22 Feb 2026 05:41 PM (IST)
Updated Date: Sun, 22 Feb 2026 05:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਗੁਰੂ ਘਰ ਦੇ ਨਿਸ਼ਕਾਮ ਸੇਵਕ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਤੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸ਼ਹੀਦੀਆਂ ਬਾਰੇ ਜਾਨਣਾ ਬਹੁਤ ਜ਼ਰੂਰੀ ਹੈ। ਹੁਣ ਨੌਜਵਾਨਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਜ਼ਰੂਰ ਦੇਣ ਤਾਂ ਜੋ ਉਹ ਆਪਣੇ ਅਮੋਲਿਕ ਵਿਰਾਸਤ ਨਾਲ ਜੁੜੇ ਰਹਿਣ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਉਹ ਮਹਾਨ ਸ਼ਹੀਦ ਹੋਏ ਹਨ ਜਿਨਾਂ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿਚ ਮੁਗਲ ਹਕੂਮਤ ਵੱਲੋਂ ਕੈਦ ਰੱਖਣ ਸਮੇਂ ਗਰਮ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ ਤੇ ਜਦੋਂ ਇਸ ਗੱਲ ਦਾ ਪਤਾ ਸਰਹਿੰਦ ਦੇ ਨਵਾਬ ਸੂਬੇ ਵਜੀਦ ਖਾਂ ਨੂੰ ਪਤਾ ਲੱਗਾ ਤਾਂ ਉਸ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਪਰਿਵਾਰ ਸਮੇਤ ਕੋਹਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਹੋ ਕੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ।