- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਖ਼ਿਲਾਫ਼ ਵਿਧਾਇਕ ਹੈਪੀ ਦੇ ਦਫ਼ਤਰ ਅੱਗੇ ਧਰਨਾ, ਮੰਗਿਆ ਇਨਸਾਫ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਵਾਰਿਸ ਪੰਜਾਬ ਜਥੇਬੰਦੀਆਂ ਦੇ ਆਗੂਆਂ ਪਵਿੱਤਰ ਸਿੰਘ ਖ਼ਾਲਸਾ ਅਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਥਾਬਲਾਂ ਦੀ ਅਗਵਾਈ ਹੇਠ ਲੱਗੇ ਇਸ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਪਵਿੱਤਰ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਅੱਗੇ ਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣਾ ਅਤਿ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਜਾਂ ਤਾਂ ਡਿਬਰੂਗੜ੍ਹ ਜੇਲ੍ਹਾਂ ’ਚ ਡੱਕਿਆ ਜਾਂਦਾ ਹੈ ਜਾਂ ਫਿਰ ਉਨ੍ਹਾਂ ਦਾ ਕਤਲ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਅਸ਼ਵਨੀ ਕੁਮਾਰ ’ਤੇ ਪਰਚੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਹਥਿਆਰ ਦਾ ਲਾਇਸੈੱਸ ਜਾਰੀ ਕੀਤਾ ਗਿਆ, ਜਿਸ ਤੋਂ ਸਰਕਾਰ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਸਪੱਸ਼ਟ ਹੁੰਦੀ ਹੈ। ਸਾਬਕਾ ਚੇਅਰਮੈਨ ਲਖਵੀਰ ਸਿੰਘ ਥਾਬਲਾਂ ਨੇ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂ ਇਕਬਾਲ ਸਿੰਘ ਗੁਪਾਲੋਂ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਦਾਅਵੇ ਕਰਦੀ ਰਹੀ ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਕਾਰਨ ਤਸਕਰਾਂ ਦੇ ਹੌਸਲੇ ਬੁਲੰਦ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਸੇਵਕ ਸਿੰਘ ਸੰਘੋਲ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਗਡੋਲੀਆਂ, ਗੁਰਸ਼ਰਨ ਸਿੰਘ ਚੁੰਨੀ, ਕਰਮਜੀਤ ਸਿੰਘ ਲੰਬੜਦਾਰ, ਜਸਵੀਰ ਸਿੰਘ ਮਨੈਲੀ, ਰਿੰਕੂ ਚੁੰਨੀ ਸਮੇਤ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਮੌਜੂਦ ਸਨ।