- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੁੱਟੀਆਂ ਸੜਕਾਂ ਖ਼ਿਲਾਫ਼ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੀਸੀਐੱਲ ਕੰਪਨੀ ਅੱਗੇ ਧਰਨਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਵੱਲੋਂ ਵੀਸੀਐੱਲ ਕੰਪਨੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਭੁੱਟਾ ਨੇ ਦੱਸਿਆ ਕਿ ਇਹ ਕੰਪਨੀ ਭਾਰਤ ਮਾਲਾ ਪ੍ਰਾਜੈਕਟ ਦੀਆਂ ਸੜਕਾਂ ਬਣਾਉਣ ਦਾ ਕੰਮ ਕਰ ਰਹੀ ਹੈ ਅਤੇ ਇਸ ਪ੍ਰਾਜੈਕਟ ਕਾਰਨ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਬੀਪੁਰ ਤੋਂ ਬਰਾਸ, ਤਿੰਬਰਪੁਰ, ਸਿੰਧੜਾ, ਭਗੜਾਣਾ ਅਤੇ ਸਰਾਏ ਬਣਜਾਰਾ ਤੱਕ ਦੀਆਂ ਸੜਕਾਂ ਦਾ ਏਨਾ ਮਾੜਾ ਹਾਲ ਹੈ ਕਿ ਇੱਥੇ ਸਫ਼ਰ ਕਰਨਾ ਹਾਦਸਿਆਂ ਨੂੰ ਸੱਦਾ ਦੇਣ ਬਰਾਬਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਲੀਭੁਗਤ ਜਾਪਦੀ ਹੈ ਕਿਉਂਕਿ ਬੀਬੀਪੁਰ ਸਥਿਤ ਡੰਪ ਵਿੱਚ ਸਮਰੱਥਾ ਤੋਂ ਕਿਤੇ ਵੱਧ ਭਾਰੇ ਓਵਰਲੋਡ ਟਿੱਪਰ ਆ ਰਹੇ ਹਨ, ਜਿਨ੍ਹਾਂ ਕਾਰਨ ਸੜਕਾਂ ਤਬਾਹ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਵੱਲੋਂ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਕਿਉਂਕਿ ਸੜਕਾਂ ਟੁੱਟਣ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਸਰਕਾਰੀ ਪੈਸਾ ਵੀ ਬਰਬਾਦ ਹੋਇਆ ਹੈ। ਭੁੱਟਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਪਿੰਡਾਂ ਦੀਆਂ ਮੁੱਖ ਤੇ ਸੰਪਰਕ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇਕਰ ਇਨ੍ਹਾਂ ਸੜਕਾਂ ਦਾ ਨਿਰਮਾਣ ਤੁਰੰਤ ਨਾ ਕਰਵਾਇਆ ਗਿਆ ਤਾਂ ਕਿਸੇ ਵੀ ਸਮੇਂ ਵੱਡਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕੰਪਨੀ ਪ੍ਰਬੰਧਕਾਂ ਨੂੰ ਮੰਗ ਪੱਤਰ ਸੌਂਪਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੰਮ ਜਲਦ ਸ਼ੁਰੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।