ਰਾਜਿੰਦਰ ਸਿੰਘ ਭੱਟ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਵੱਲੋਂ ਸਕੂਲ, ਕਾਲਜ ਬੰਦ ਹੋਣ ਦੇ ਰੋਸ ਵਜੋਂ ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਰੈਲੀ ਕੱਢੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਸਟੂਡੈਂਟਸ ਯੂਨੀਅਨ ਲਲਕਾਰ ਦੇ ਪ੍ਰਧਾਨ ਗੁਰਵਿੰਦਰ ਸਿੰਘ, ਨਿਰਮਲ ਸਿੰਘ ਰਿਊਣਾ ਪ੍ਰਧਾਨ ਨਾਸਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆੜ ਵਿਚ ਸਕੂਲਾਂ ਨੂੰ ਬੰਦ ਕਰ ਕੇ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕਰ ਰਹੀ ਹੈ, ਜਦੋਂ ਕਿ ਠੇਕੇ ਖੁੱਲ੍ਹੇ ਅਤੇ ਰਾਜਨੀਤਕ ਪਾਰਟੀਆਂ ਦੀਆਂ ਰੈਲੀਆਂ ਵੀ ਲਗਾਤਾਰ ਜਾਰੀ ਹਨ। ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਅਤੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪੇਪਰ ਦਿੱਤੇ ਪ੍ਰਮੋਟ ਕਰਨਾ ਵੀ ਨਿੰਦਣਯੋਗ ਹੈ।