ਐੱਸਕੇਐੱਮ ਦੇ ਸੱਦੇ ’ਤੇ ਜਨਤਕ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ
ਐਸਕੇਐਮ ਦੇ ਸੱਦੇ ਤੇ ਜਨਤਕ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ
Publish Date: Fri, 16 Jan 2026 06:26 PM (IST)
Updated Date: Fri, 16 Jan 2026 06:27 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਜਨਤਕ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਰੋਸ ਪ੍ਰਦਰਸ਼ਨ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼਼ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਿੰਦਰ ਸਿੰਘ ਚਨਾਰਥਲ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਕਿਸਾਨ ਤੋ ਹੋਰਨਾਂ ਜਥੇਬੰਦੀਆਂ ਨੇ ਪ੍ਰਦਰਸ਼ਨ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਬਿਜਲੀ ਸੋਧ ਬਿੱਲ 2025 ਰਾਜਾਂ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ ਤੇ ਸਰਕਾਰ ਇਸ ਬਿਜਲੀ ਬਿਲ ਨੂੰ ਰੱਦ ਕਰੇ ਅਤੇ ਜੋ ਸਮਾਰਟ ਮੀਟਰ ਹਨ ਇਨ੍ਹਾਂ ਨੂੰ ਲਾਉਣਾ ਬੰਦ ਕਰੇ। ਚਨਾਰਥਲ ਨੇ ਕਿਹਾ ਕਿ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਜਨਤਕ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਸਾਰੇ ਅਦਾਰਿਆਂ ਵਿੱਚੋਂ ਮੁਲਾਜ਼ਮਾਂ ਦੀ ਪੱਕੀ ਭਰਤੀ ਕੀਤੀ ਜਾਵੇ ਤੇ ਨਵਾਂ ਵੀਬੀ ਜੀ ਰਾਮ ਜੀ ਐਕਟ ਰੱਦ ਕਰਕੇ ਮਨਰੇਗਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ ਅਤੇ ਕੰਮ 200 ਦਿਨ ਪੱਕਾ ਕੀਤਾ ਜਾਵੇ ਅਤੇ ਦਿਹਾੜੀ 700 ਰੁਪਏ ਪ੍ਰਤੀ ਦਿਨ ਕੀਤੀ ਜਾਵੇ, ਪੰਜ ਏਕੜ ਤੋਂ ਘੱਟ ਵਾਲੇ ਕਿਸਾਨਾਂ ਨੂੰ ਜੋ ਮਨਰੇਗਾ ਸਕੀਮ ਹੈ ਉਸ ਨੂੰ ਅਮਲੀ ਤੌਰ ਤੇ ਲਾਗੂ ਕੀਤਾ ਜਾਵੇ। ਜਨਤਕ ਖੇਤਰ ਦੀਆਂ ਜਾਇਦਾਤਾਂ ਨਿੱਜੀ ਕੰਪਨੀਆਂ ਨੂੰ ਵੇਚਣਾ ਬੰਦ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਇਨ੍ਹਾਂ ਮੰਗਾ ਸਬੰਧੀ ਆਉਣ ਵਾਲੇ ਸਮੇਂ ’ਚ ਜਲਦਹੀ ਅਗਲੇਰੀ ਰਣਨੀਤੀ ਬਣਾ ਕੇ ਸੰਘਰਸ ਤੀਖਾ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜਸਵੀਰ ਸਿੰਘ, ਬਲਦੀਪ ਸਿੰਘ, ਬੀਕੇਯੂ ਰਾਜੇਵਾਲ ਦੇ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਬਰਵਾਲੀ ਕਲਾਂ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਪੰਜਾਬ ਸਰਵਿਸਿਜ਼ ਫੈਡਰੇਸ਼ਨ ਪ੍ਰਧਾਨ ਰਣਦੀਪ ਸਿੰਘ, ਅਵਤਾਰ ਸਿੰਘ ਚੀਮਾ ਦੀ ਕਲਾਸ ਫ਼ੋਰਥ ਇੰਪਲਾਈਜ ਯੂਨੀਅਨ, ਵੇਰਕਾ ਮਿਲਕ ਪਲਾਂਟ ਆਊਟਸੋਰਸ਼ ਯੂਨੀਅਨ, ਪੀਸੀਐਸਐੱਲ ਪੈਨਸ਼ਨ ਯੂਨੀਅਨ (ਏਟਕ) ਅਜਮੀਲ ਖ਼ਾਨ, ਡੈਮੋਕ੍ਰੇਟਿਕ ਮਨਰੇਗਾ ਫ਼ਰੰਟ, ਲਾਲ ਝੰਡਾ ਪੈਂਡੂ ਚੌਕੀਦਾਰ ਯੂਨੀਅਨ ਮਾਘੀ ਖਾਂ ਆਦਿ ਮੌਜੂਦ ਸਨ।