- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗਾਂ ਨਾ ਮੰਨੇ ਜਾਣ ’ਤੇ ਏਡਜ਼ ਕੰਟਰੋਲ ਮੁਲਾਜ਼ਮਾਂ ਵੱਲੋਂ 3 ਨਵੰਬਰ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰ ਅਤੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਦੱਸਿਆ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 27 ਅਕਤੂਬਰ ਨੂੰ ਸਿਹਤ ਮੰਤਰੀ ਨਾਲ ਪੈਰਾ-ਮੈਡੀਕਲ ਕਮੇਟੀ ਦੀ ਮੀਟਿੰਗ ’ਚ ਮਸਲਿਆਂ ਦਾ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 1 ਨਵੰਬਰ ਤੋਂ ਸਾਰੀਆਂ ਮਹੀਨਾਵਾਰ ਰਿਪੋਰਟਾਂ ਭੇਜਣੀਆਂ ਬੰਦ ਕਰਕੇ ਵਿਭਾਗੀ ਮੀਟਿੰਗਾਂ ਤੇ ਸਿਖਲਾਈਆਂ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮਗਰੋਂ 3 ਨਵੰਬਰ ਨੂੰ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਐੱਚਆਈਵੀ ਟੈਸਟਿੰਗ ਸਮੇਤ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਰੱਖਣਗੇ ਅਤੇ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਲਟਕ ਰਿਹਾ 20 ਫ਼ੀਸਦੀ ਤਨਖ਼ਾਹ ਵਾਧਾ ਤੁਰੰਤ ਲਾਗੂ ਕਰਨ, ਤਨਖ਼ਾਹਾਂ ਦੇ ਪਾੜੇ ਨੂੰ ਦੂਰ ਕਰਨ ਅਤੇ ਸਿਹਤ ਬੀਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਮੁਨੀਸ਼ ਕੁਮਾਰ, ਅਮਨਦੀਪ ਕੌਰ, ਮਹੇਸ਼ ਕੁਮਾਰ ਅਤੇ ਕਮਲਜੀਤ ਸਿੰਘ ਵੀ ਹਾਜ਼ਰ ਸਨ।