- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੂਡ ਕਮਿਸ਼ਨ ਵੱਲੋਂ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਮਿਡ-ਡੇਅ ਮੀਲ ਦਾ ਨਿਰੀਖਣ, ਸਾਫ਼ ਪਾਣੀ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਤੋਂ ਫੀਡਬੈਕ ਲੈਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਕਮਿਸ਼ਨ ਦੇ ਦਫ਼ਤਰ ਵਿਖੇ ਇਕ ਵਾਰ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਰਾਹੀਂ ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆ ਜਾਣਗੀਆਂ ਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਹੱਲ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾਵੇ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਤੇ ਹੋਰ ਸਾਮਾਨ ਦੀ ਲਗਾਤਾਰ ਚੈਕਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੱਚਿਆਂ ਦੇ ਖਾਣੇ ’ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਉਪਰੰਤ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਬਡਾਲੀ ਸਿੰਘ, ਆਂਗਣਵਾੜੀ ਸੈਂਟਰ ਬਡਾਲੀ ਆਲਾ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦਾ ਦੌਰਾ ਕਰਕੇ ਮਿਡ-ਡੇਅ ਮੀਲ, ਪੀਣ ਵਾਲੇ ਪਾਣੀ ਅਤੇ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ।