- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀ ਚੈਕਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਅਨਿਲ ਗੋਇਲ ਦੇ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ, ਹੋਟਲਾਂ, ਧਾਰਮਿਕ ਅਸਥਾਨਾਂ ਤੇ ਕਮਿਊਨਿਟੀ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਸਰਹਿੰਦ ਦੇ ਚਾਰ ਨੰਬਰ ਚੂੰਗੀ ਏਰੀਆ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਫਤਹਿਗੜ੍ਹ ਸਾਹਿਬ ਦੇ ਹੋਟਲਾਂ ਤੇ ਧਾਰਮਿਕ ਅਸਥਾਨਾਂ, ਐਪੀਡੈਮੋਲੋਜਿਸਟ ਡਾ. ਸ਼ੁਭਮ ਸੂਰੀ ਨੇ ਜੀਟੀ ਰੋਡ ਏਰੀਆ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪਣੇ-ਆਪਣੇ ਖੇਤਰਾਂ ’ਚ ਚੈਕਿੰਗ ਕਰ ਕੇ ਮਿਲੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ। ਡਾ. ਪ੍ਰਭਜੋਤ ਕੌਰ ਨੇ ਲੋਕਾਂ ਨੂੰ ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ ਤੇ ਟਾਇਰਾਂ ’ਚ ਪਾਣੀ ਜਮ੍ਹਾਂ ਨਾ ਹੋਣ ਦੇਣ, ਪੂਰੇ ਕੱਪੜੇ ਪਹਿਨਣ ਅਤੇ ਮੱਛਰਦਾਨੀ ਵਰਤਣ ਦੀ ਅਪੀਲ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਡੇਂਗੂ ਦਾ ਟੈਸਟ ਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਸ਼ਪਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਜਗਮੋਹਨ ਸਿੰਘ ਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।