- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਲਈ 30 ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਔਰਤਾਂ, ਨੌਜਵਾਨਾਂ ਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫਤਹਿਗੜ੍ਹ ਸਾਹਿਬ ਵਿਖੇ ਸਥਿਤ ਕਮਿਊਨਿਟੀ ਮੈਨੇਜਡ ਟ੍ਰੇਨਿੰਗ ਸੈਂਟਰ ’ਚ ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ 30 ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਔਰਤਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 30 ਪਿੰਡਾਂ ’ਚੋਂ ਔਰਤਾਂ ਦੀ ਚੋਣ ਕਰ ਕੇ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਔਰਤਾਂ ਨੂੰ ਲਗਾਤਾਰ 30 ਦਿਨ ਪਸ਼ੂ ਪਾਲਣ, ਡੇਅਰੀ ਫਾਰਮਿੰਗ ਤੇ ਪਸ਼ੂਆਂ ਦੀ ਸਾਂਭ-ਸੰਭਾਲ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ।