- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ। 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਇਸ ਰੈਲੀ ਰਾਹੀਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ।

ਸਟਾਫ਼ ਰਿਪੋਰਟਰ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਾਬਕਾ ਡਿਪਟੀ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਰਾਣਾ ਕੇਪੀ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਰਹਿ ਗਈ ਹੈ।
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ। 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਸ਼ਿਰਕਤ ਕਰਨਗੇ। ਇਸ ਰੈਲੀ ਰਾਹੀਂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ।
ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ।
ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਤੱਕ ਉਹ ਵਾਅਦੇ ਪੂਰੇ ਨਹੀਂ ਹੋ ਸਕੇ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ, ਗੈਂਗਸਟਰਵਾਦ ਅਤੇ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਰਕਾਰ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫ਼ਲ ਰਹੀ ਹੈ।
ਦੋਵਾਂ ਆਗੂਆਂ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਮੰਚ ਬਣੇਗੀ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ, ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਖੇੜਾ ਗੁਰਬਰਿੰਦਰ ਸਿੰਘ ਭਗੜਾਣਾ, ਬਲਾਕ ਪ੍ਰਧਾਨ ਖਮਾਣੋ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਬਸੀ ਬਠਾਣਾ ਅਮੀ ਚੰਦ, ਬਲਾਕ ਪ੍ਰਧਾਨ ਅਮਲੋਹ ਜਗਬੀਰ ਸਿੰਘ ਸਲਾਣਾ, ਬਲਾਕ ਪ੍ਰਧਾਨ ਗੋਬਿੰਦਗੜ੍ਹ ਸੰਜੀਵ ਦੱਤਾ ਤੇ ਮੰਡਲ ਪ੍ਰਧਾਨ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।