- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਹਮੇਸ਼ਾ ਰਹਿਣਗੀਆਂ ਅਮਰ : ਸ਼ੁਭਮ ਅਗਰਵਾਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਹਨ। ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਰਿਹਾ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁਲਿਸ ਲਾਈਨ, ਮਹੱਦੀਆਂ ਵਿਖੇ ਕਰਵਾਏ ਗਏ ਪੁਲਿਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਪੁਲਿਸ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਸਮਰਪਿਤ ਹੋ ਕੇ ਆਪਣਾ ਫ਼ਰਜ਼ ਨਿਭਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਹਰ ਔਖੀ ਘੜੀ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਸਮਾਗਮ ਦੌਰਾਨ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡੀਐਸਪੀ ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਦੌਰਾਨ ਡੀਐਸਪੀ ਰਾਜੇਸ਼ ਕੁਮਾਰ ਮਲਹੋਤਰਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।