- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੂਬੇ ’ਚ ਵਧ ਰਹੇ ਨਸ਼ਿਆਂ ਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਦੀਆਂ ਮਾਵਾਂ, ਭੈਣਾਂ ਤੇ ਧੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਜਵਾਨੀ ਤੇ ਸੂਬੇ ਦੇ ਭਵਿੱਖ ਨੂੰ ਬਚਾਉਣ ਲਈ ‘ਮਾਈ ਭਾਗੋ ਦੀ ਫ਼ੌਜ’ ਦਾ ਹਿੱਸਾ ਬਣਨ।

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਬਸੀ ਪਠਾਣਾਂ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੂਬੇ ’ਚ ਵਧ ਰਹੇ ਨਸ਼ਿਆਂ ਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਦੀਆਂ ਮਾਵਾਂ, ਭੈਣਾਂ ਤੇ ਧੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਜਵਾਨੀ ਤੇ ਸੂਬੇ ਦੇ ਭਵਿੱਖ ਨੂੰ ਬਚਾਉਣ ਲਈ ‘ਮਾਈ ਭਾਗੋ ਦੀ ਫ਼ੌਜ’ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਨੇ ਔਖੇ ਸਮੇਂ ਵਿੱਚ ਅੱਗੇ ਆ ਕੇ ਲੜਾਈ ਲੜੀ ਸੀ ਤੇ ਅੱਜ ਹਰ ਘਰ ਵਿੱਚੋਂ ਬੀਬੀਆਂ ਨੂੰ ਨਸ਼ਿਆਂ ਦੇ ਇਸ ਕੋਹੜ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਗੇ ਆਉਣਾ ਪਵੇਗਾ।
ਰੈਲੀ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਚਾਰ ਹਫ਼ਤਿਆਂ ’ਚ ਨਸ਼ੇ ਖ਼ਤਮ ਕਰਨ, ਘਰ-ਘਰ ਨੌਕਰੀ ਤੇ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲਾਂ ’ਚ ਕੁਝ ਨਹੀਂ ਕੀਤਾ। ਉਸ ਤੋਂ ਬਾਅਦ ਬਦਲਾਅ ਦੇ ਨਾਮ ’ਤੇ ਸੱਤਾ ’ਚ ਆਈ ਮੌਜੂਦਾ ਸਰਕਾਰ ਨੇ ਵੀ ਚਾਰ ਮਹੀਨਿਆਂ ’ਚ ਨਸ਼ੇ ਖ਼ਤਮ ਕਰਨ ਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ, ਪਰ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਔਰਤਾਂ ਨੂੰ ਕੁਝ ਨਹੀਂ ਮਿਲਿਆ ਤੇ ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਲੋਕਾਂ ਨੂੰ ਮੁੜ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੂਬੇ ’ਚ ਨਸ਼ਿਆਂ ਦੀ ਵਿਕਰੀ ਲਈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਪਿੰਡ ਤੇ ਗਲੀ ’ਚ ਸ਼ਰੇਆਮ ਚਿੱਟਾ ਤੇ ਨਸ਼ੇ ਦੀਆਂ ਗੋਲੀਆਂ ਵਿਕ ਰਹੀਆਂ ਹਨ। ਉਨ੍ਹਾਂ ਸ਼ੇਰੋਂ ਪਿੰਡ ਦੇ ਮੋਹਨਜੀਤ ਸਿੰਘ, ਤੂਰ ਬਣਜਾਰਾ ਦੇ ਗੁਲਜ਼ਾਰ ਸਿੰਘ, ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਤੇ ਸਰਦੂਲਗੜ੍ਹ ਦੇ ਦਿਲਜੀਤ ਸਿੰਘ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਰੋਕੂ ਕਮੇਟੀਆਂ ਤੇ ਸੱਤਾਧਾਰੀ ਧਿਰ ਨਾਲ ਜੁੜੇ ਕਈ ਆਗੂਆਂ ਦੇ ਨਾਮ ਵੱਡੇ ਨਸ਼ਾ ਤਸਕਰੀ ਮਾਮਲਿਆਂ ’ਚ ਸਾਹਮਣੇ ਆਏ ਹਨ।
ਅਕਾਲੀ ਦਲ ਦੀਆਂ ਭਵਿੱਖੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਮੀਟਿੰਗ ’ਚ ਕਾਨੂੰਨ ਪਾਸ ਕਰਕੇ ਨਸ਼ਾ ਤਸਕਰਾਂ ਨੂੰ ਸਿੱਧੀ 10 ਸਾਲ ਦੀ ਕੈਦ ਯਕੀਨੀ ਬਣਾਈ ਜਾਵੇਗੀ ਤੇ ਉਨ੍ਹਾਂ ਦੀ ਜ਼ਮਾਨਤ ਨਹੀਂ ਹੋਵੇਗੀ। ਇਸ ਮੁਹਿੰਮ ਲਈ ਇੱਕ ਮਹਿਲਾ ਡੀਜੀਪੀ ਰੈਂਕ ਦੀ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ, ਜਿਸ ’ਚ ਸੂਬੇ ਦੇ 117 ਹਲਕਿਆਂ ਦੀਆਂ ਇਮਾਨਦਾਰ ਬੀਬੀਆਂ ਨੂੰ ਸ਼ਾਮਲ ਕਰਕੇ ਪਿੰਡ-ਪਿੰਡ ਤਾਲਮੇਲ ਬਣਾਇਆ ਜਾਵੇਗਾ।
ਉਨ੍ਹਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਯਾਦ ਕਰਦਿਆਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ, ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਤਹਿਤ ਇੱਕ ਲੱਖ ਰੁਪਏ ਦਿੱਤੇ ਜਾਣਗੇ ਤੇ ਨੀਲੇ ਕਾਰਡ ਬਹਾਲ ਕਰਕੇ ਹਰ ਗਰੀਬ ਪਰਿਵਾਰ ਨੂੰ 50 ਕਿਲੋ ਕਣਕ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੇਘਰ ਲੋਕਾਂ ਨੂੰ ਪੰਜ ਸਾਲਾਂ ’ਚ ਪੱਕੇ ਮਕਾਨ ਬਣਾ ਕੇ ਦੇਣ, ਸੂਬੇ ਦੇ ਨੌਜਵਾਨਾਂ ਲਈ 4 ਲੱਖ ਸਰਕਾਰੀ ਨੌਕਰੀਆਂ ਦੇਣ, ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲਿਆਂ ਨੂੰ 10 ਲੱਖ ਰੁਪਏ ਤੱਕ ਦਾ ਬਿਨਾਂ ਵਿਆਜ ਕਰਜ਼ਾ ਦੇਣ ਤੇ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾ ਕੇ ਕਿੱਤਾਮੁਖੀ ਸਿਖਲਾਈ ਦੇਣ ਦਾ ਵਾਅਦਾ ਵੀ ਕੀਤਾ। ਅੰਤ ’ਚ ਉਨ੍ਹਾਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੂੰ ਕਾਮਯਾਬ ਕਰਨ ਤੇ 8595170170 ਨੰਬਰ ’ਤੇ ਮਿਸਡ ਕਾਲ ਦੇ ਕੇ ਮਾਈ ਭਾਗੋ ਫ਼ੌਜ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਦਰਬਾਰਾ ਸਿੰਘ ਗੁਰੂ ਨੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਕਾਰਨ ਜਵਾਨੀ ਬਰਬਾਦ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੌਕਰੀਆਂ ਤੇ ਰੈਲੀਆਂ ਦੇ ਠੇਕੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਦੇ ਕੇ ਪੰਜਾਬ ਦੇ ਨੌਜਵਾਨਾਂ ਦਾ ਹੱਕ ਮਾਰ ਰਹੀ ਹੈ। ਗੁਰੂ ਨੇ ਕਿਹਾ ਕਿ 2027 ’ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਕਰੀਆਂ ਤੇ ਜ਼ਮੀਨਾਂ ਸਿਰਫ਼ ਪੰਜਾਬੀਆਂ ਲਈ ਰਾਖਵੀਆਂ ਕਰਨ ਦਾ ਕਾਨੂੰਨ ਲਿਆਂਦਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸਾਬਕਾ ਐਮਪੀ ਸਤਵਿੰਦਰ ਕੌਰ ਧਾਲੀਵਾਲ, ਡਾ. ਰਣਜੀਤ ਕੌਰ ਗੁਰੂ, ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰੀਆਵੀ ਹਾਜ਼ਰ ਸਨ।
ਡੱਬੀ :
ਭੈਣ ਦੇ ਦੇਹਾਂਤ ਦੇ ਬਾਵਜੂਦ ਪਾਰਟੀ ਰੈਲੀ ’ਚ ਡਟੀ ਰਹੀ ਡਾ. ਰਣਜੀਤ ਕੌਰ ਗੁਰੂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ਇਸਤਰੀ ਰੈਲੀ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਡਾ. ਦਰਬਾਰਾ ਸਿੰਘ ਗੁਰੂ ਦੀ ਪਤਨੀ ਡਾ. ਰਣਜੀਤ ਕੌਰ ਗੁਰੂ ਦੇ ਪਾਰਟੀ ਪ੍ਰਤੀ ਸਮਰਪਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਡਾ. ਰਣਜੀਤ ਕੌਰ ਗੁਰੂ ਦੀ ਭੈਣ ਦਾ ਅੱਜ ਸਵੇਰੇ ਹੀ ਦੇਹਾਂਤ ਹੋ ਗਿਆ ਸੀ। ਇਸ ਵੱਡੇ ਸਦਮੇ ਦੇ ਬਾਵਜੂਦ ਰੈਲੀ ਦਾ ਪ੍ਰੋਗਰਾਮ ਪਹਿਲਾਂ ਤੋਂ ਤੈਅ ਹੋਣ ਕਾਰਨ ਉਹ ਆਪਣਾ ਫ਼ਰਜ਼ ਨਿਭਾਉਂਦਿਆਂ ਸਮਾਗਮ ਵਿੱਚ ਹਾਜ਼ਰ ਰਹੀ। ਉਨ੍ਹਾਂ ਕਿਹਾ ਕਿ ਇਹ ਇਸ ਪਰਿਵਾਰ ਦੀ ਪਾਰਟੀ ਅਤੇ ਜ਼ਿੰਮੇਵਾਰੀ ਪ੍ਰਤੀ ਵਫ਼ਾਦਾਰੀ ਦੀ ਮਿਸਾਲ ਹੈ।
ਡੱਬੀ :
ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ’ਤੇ ਹਰਸਿਮਰਤ ਕੌਰ ਬਾਦਲ ਨੇ ਵੱਟੀ ਚੁੱਪ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀਆਂ ਯਾਦਾਂ ’ਤੇ ਆਧਾਰਿਤ ਕਿਤਾਬ ਦੇ ਰਿਲੀਜ਼ ਸਮਾਗਮ ’ਚ ਸ਼ਾਮਲ ਹੋਣ ਬਾਰੇ ਹਰਸਿਮਰਤ ਕੌਰ ਬਾਦਲ ਨੇ ਚੁੱਪ ਵੱਟ ਲਈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰੈਲੀ ਦੌਰਾਨ ਬੱਸੀ ਜਦੋਂ ਪੱਤਰਕਾਰਾਂ ਨੇ ਹਰਿਸਮਰਤ ਬਾਦਲ ਇਸ ਸਬੰਧੀ ਸਵਾਲ ਕੀਤਾ ਤਾਂ ਉਨ੍ਹਾਂ ਇਸ ਵਿਸ਼ੇ ’ਤੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਇਸ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਬਿਨਾਂ ਕੋਈ ਪ੍ਰਤੀਕਿਰਿਆ ਦਿੱਤੇ ਅੱਗੇ ਵਧ ਗਏ।