27 ਤੋਂ 30 ਜਨਵਰੀ ਤੱਕ ਆਮ ਖਾਸ ਬਾਗ ਵਿਖੇ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ
27 ਤੋਂ 30 ਜਨਵਰੀ ਤੱਕ ਆਮ ਖਾਸ ਬਾਗ ਵਿਖੇ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ
Publish Date: Fri, 16 Jan 2026 05:14 PM (IST)
Updated Date: Fri, 16 Jan 2026 05:15 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਉਤਸਾਹਿਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਚੁੱਕਦੇ ਹੋਏ 27 ਤੋਂ 30 ਜਨਵਰੀ ਤੱਕ ਆਮ ਖਾਸ ਬਾਗ ਸਰਹਿੰਦ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤੇ ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਇਹ ਮੇਲਾ ਸਾਂਝੇ ਤੌਰ ’ਤੇ ਕਰਵਾਇਆ ਜਾ ਰਿਹਾ ਹੈ। ਏਡੀਸੀ ਨੇ ਕਿਹਾ ਕਿ ਇਹ ਇੱਕ ਉੱਚ ਪੱਧਰੀ ਉਪਰਾਲਾ ਹੈ ਜਿੱਥੇ ਘਰਾਂ ਵਿਚ ਤਿਆਰ ਕੀਤੇ ਗਏ ਉਤਪਾਦ, ਰਵਾਇਤੀ ਕਲਾ ਅਤੇ ਆਧੁਨਿਕ ਦਸਤਕਾਰੀ ਡਿਜਾਇਨ ਖਿੱਚ ਦਾ ਕੇਂਦਰ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਸਟਾਲਾਂ ਵੀ ਲਗਾਈਆਂ ਜਾਣਗੀਆਂ ਅਤੇ ਮੇਲੇ ਦਾ ਆਰੰਭ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਵੇਗਾ। ਸੁਰਿੰਦਰ ਸਿੰਘ ਧਾਲੀਵਾਲ ਨੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੇਲੇ ’ਚ ਆਉਣ ਵਾਲੇ ਸ਼ਿਲਕਕਾਰਾਂ ਅਤੇ ਕਲਾਕਾਰਾਂ ਸਮੇਤ ਸਾਰੇ ਲੋਕਾਂ ਲਈ ਲੋੜੀਂਦੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ। ਏਡੀਸੀ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਵਿਵਸਥਾ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ, ਸਾਫ ਸਫਾਈ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਆਨੰਦ ਮਾਨਣ ਲਈ ਆਪਣੇ ਪਰਿਵਾਰਾਂ ਸਮੇਤ ਜਰੂਰ ਪਹੁੰਚਣ।