
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੀ ਮਾਲੀ ਹਾਲਤ ਚਿੰਤਾਜਨਕ, ਸਰਕਾਰ ਸੂਬੇ ਦੇ ਵਿੱਤੀ ਹਿੱਤਾਂ ਲਈ ਠੋਸ ਕਦਮ ਚੁੱਕੇ : ਮਕਾਰੋਂਪੁਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਦੇ ਮੌਜੂਦਾ ਵਿੱਤੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ ਤੇ ਸੀਨੀਅਰ ਮੀਤ ਪ੍ਰਧਾਨ ਲੀਗਲ ਵਿੰਗ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੇ ਹਰਨਾਮ ਨਗਰ ਵਿਖੇ ਸਵ. ਗਿਆਨੀ ਜਸਵੰਤ ਸਿੰਘ ਤਾਨ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੇ ਭਵਿੱਖ ਨੂੰ ਧਿਆਨ ’ਚ ਰੱਖਦਿਆਂ ਸਰਕਾਰ ਨੂੰ ਵਿੱਤੀ ਮਾਮਲਿਆਂ ’ਚ ਦੂਰਅੰਦੇਸ਼ੀ ਅਤੇ ਜ਼ਿੰਮੇਵਾਰੀ ਨਾਲ ਫੈਸਲੇ ਲੈਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਨੀਤੀਆਂ ਅਤੇ ਲੰਮੇ ਸਮੇਂ ਦੀ ਯੋਜਨਾਬੰਦੀ ਦੀ ਲੋੜ ਹੈ। ਸੂਬੇ ਦੇ ਕਰਜ਼ੇ, ਵਧ ਰਹੇ ਖ਼ਰਚਿਆਂ ਅਤੇ ਆਮਦਨ ਦੇ ਸਰੋਤਾਂ ਵਿਚਕਾਰ ਸੰਤੁਲਨ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨੂੰ ਕੇਂਦਰ ’ਚ ਰੱਖ ਕੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨ ਲਈ ਸਾਰਥਕ ਕਦਮ ਚੁੱਕੇ ਜਾਣੇ ਚਾਹੀਦੇ ਹਨ। ਜਥੇਦਾਰ ਮਕਾਰੋਂਪੁਰ ਤੇ ਐਡਵੋਕੇਟ ਸੈਂਪਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਚੁੱਕਦਾ ਰਹੇਗਾ। ਇਸ ਮੌਕੇ ਸਵਰਗਵਾਸੀ ਗਿਆਨੀ ਜਸਵੰਤ ਸਿੰਘ ਤਾਨ ਦੇ ਪਰਿਵਾਰ ਅਤੇ ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਵੱਲੋਂ ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮਕਾਰੋਂਪੁਰ ਨੇ ਸਨਮਾਨ ਲਈ ਪਰਿਵਾਰ ਅਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਦੇ ਆਗੂ ਹਰਵਿੰਦਰ ਸਿੰਘ ਬੱਬਲ, ਰਣਧੀਰ ਸਿੰਘ ਤਾਨ, ਹਰਪਾਲ ਸਿੰਘ ਚਾਹਲ, ਤਰਲੋਚਨ ਸਿੰਘ, ਰਣਜੋਧ ਸਿੰਘ ਮੁਸਤਫਾਬਾਦ, ਅਮਰੀਕ ਸਿੰਘ ਖੇੜੀ, ਬੀਰ ਸਿੰਘ ਅਤੇ ਜਗਤਾਰ ਸਿੰਘ ਤਾਰਾ ਸਮੇਤ ਹੋਰ ਆਗੂ ਮੌਜੂਦ ਸਨ।