ਆਪ੍ਰੇਸ਼ਨ ਪ੍ਰਹਾਰ ਦੇ ਦੂਜੇ ਦਿਨ ਵੱਖ-ਵੱਖ ਥਾਵਾਂ ਤੇ ਛਾਪੇਮਾਰੀ, 60 ਤੋਂ ਵੱਧ ਕਾਬੂ
ਅਪ੍ਰੈੱਸਨ ਪ੍ਰਹਾਰ 2. 0 ਦੇ ਦੂਜੇ ਦਿਨ ਵੱਖ-ਵੱਖ ਥਾਵਾਂ ਤੇ ਛਾਪੇਮਾਰੀ, 60 ਤੋਂ ਵੱਧ ਕਾਬੂ
Publish Date: Tue, 10 Feb 2026 06:49 PM (IST)
Updated Date: Tue, 10 Feb 2026 06:50 PM (IST)

ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ 2. 0 ਦੇ ਦੂਜੇ ਦਿਨ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਅਤੇ ਸ਼ੱਕੀ 60 ਤੋਂ ਵੱਧ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦਿੱਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਹੈ ਕਿ ਜੋ ਨੌਜਵਾਨ ਗ਼ਲਤ ਰਸਤੇ ’ਤੇ ਹਨ, ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਦਾ ਮੌਕਾ ਦਿੱਤਾ ਜਾਵੇਗਾ, ਪਰ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਪਰਾਧੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਦਦਗਾਰਾਂ ਅਤੇ ਕਰੀਬੀਆਂ ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ 'ਹੌਟ ਸਪਾਟ' ਇਲਾਕਿਆਂ ਦੀ ਨਿਸ਼ਾਨਦੇਹੀ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਅਪਰਾਧ ਨੂੰ ਉਤਸ਼ਾਹਿਤ ਕਰਨ ਵਾਲਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਗੁੰਮਰਾਹਕੁੰਨ ਜਾਣਕਾਰੀ ਨਾ ਫੈਲਾ ਸਕੇ। ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਉਨ੍ਹਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਮੁੱਖ ਧਾਰਾ ਵਿਚ ਆ ਜਾਣ ਨਹੀਂ ਤਾਂ ਜ਼ਿਲ੍ਹਾ ਪੁਲਿਸ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਐਕਸ਼ਨ ਕਰਨ ਤੋਂ ਗ਼ੁਰੇਜ਼ ਨਹੀਂ ਕਰੇਗੀ। ਸ਼ੁਭਮ ਅਗਰਵਾਲ ਨੇ ਦੱਸਿਆ ਕਿ ਐੱਸਪੀ (ਜਾਂਚ) ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਗੈਰ ਸਮਾਜਿਕ ਤੱਤਾਂ ਤੇ ਤਿਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।