ਕੇਵਲ ਸਿੰਘ,ਅਮਲੋਹ: ਫੂਡ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ ਖਰੀਦ ਫੂਡ ਸਿਵਲ ਸਪਲਾਈ ਦੇ ਦਸਤਖਤਾਂ ਹੇਠ ਜਾਰੀ ਹੋਏ ਪੱਤਰ ਵਿੱਚ ਜ਼ਿਲ੍ਹਾ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਦੀਆਂ ਅਨਾਜ ਮੰਡੀਆਂ ਵਿੱਚ ਖਰੀਦ ਕਰ ਰਹੀਆਂ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਪੰਜਾਬ ਸਟੇਟ ਵੇਅਰਹਾਊਸ ਮਾਰਕਫੱੈਡ ਅਤੇ ਪਨਸਪ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੀਂਹ ਨਾਲ ਭਿੱਜੀ ਕਣਕ ਦੀ ਖਰੀਦ ਕਰਨ ਲਈ ਕਿਸਾਨਾਂ ਤੋਂ ਕਣਕ ਦਾ ਨਮੀ ਮੁਤਾਬਕ ਪ੍ਰਤੀ ਕੁਇੰਟਲ ਦੇ ਹਿਸਾਬ ਰੁਪਇਆਂ ਵਿੱਚ ਕਟੌਤੀ ਕੀਤੀ ਜਾਵੇ ਜੋ ਕਿ ਪੰਜਾਬ ਸਰਕਾਰ ਦਾ ਕਿਸਾਨ ਮਾਰੂ ਵੱਡਾ ਫ਼ੈਸਲਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰਰੀਤ ਸਿਘ ਰਾਜੂ ਖੰਨਾ ਨੇ ਕੀਤਾ। ਰਾਜੂ ਖੰਨਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ 'ਤੇ ਵੱਡਾ ਬੋਝ ਪਵੇਗਾ ਕਿਉਂਕਿ ਪੰਜਾਬ ਦੇ ਕਿਸਾਨ ਜੋ ਦੇਸ਼ ਦੇ ਅੰਨ੍ਹ ਭੰਡਾਰ ਵਿੱਚ ਹੱਡ ਭੰਨਵੀਂ ਮਿਹਨਤ ਕਰਕੇ ਵੱਡਾ ਯੋਗਦਾਨ ਪਾਉਂਦੇ ਹਨ ਉਨ੍ਹਾਂ ਦੀ ਕਣਕ ਮੰਡੀਆਂ 'ਚੋਂ ਬਿਨਾਂ ਕਿਸੇ ਕਟੌਤੀ ਤੋਂ ਚੁੱਕਣ ਦੀ ਬਜਾਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੱਡੇ ਵੱਡੇ ਕੱਟ ਲਗਾਉਣ ਦੇ ਫੁਰਮਾਨ ਦਾ ਸ਼੍ਰੋਮਣੀ ਅਕਾਲੀ ਦਲ ਵੀ ਡੱਟ ਕੇ ਵਿਰੋਧ ਕਰੇਗਾ।