- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ, ਵਰਕਰ ਹੁਣ ਤੋਂ ਹੀ ਕਮਰਕੱਸੇ ਕਰਨ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਜੋ ਮੌਜੂਦਾ ਹਾਲਾਤ ਬਣਾ ਦਿੱਤੇ ਗਏ ਹਨ, ਉਨ੍ਹਾਂ ਤੋਂ ਹਰ ਵਰਗ ਭਲੀ-ਭਾਂਤ ਜਾਣੂ ਹੈ। ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਨਸ਼ੇ ਦੀ ਪਹੁੰਚ ਘਰ-ਘਰ ਤੱਕ ਹੋਣ ਕਾਰਨ ਪੰਜਾਬ ਦੀ ਨੌਜਵਾਨੀ ਦਾ ਵੱਡਾ ਘਾਣ ਹੋ ਰਿਹਾ ਹੈ। ਹਲਕਾ ਅਮਲੋਹ ’ਚ ਵੀ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਹਰੀਪੁਰ ਵਿਖੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਕਿਸਾਨ, ਮੁਲਾਜ਼ਮ, ਮਜ਼ਦੂਰ, ਵਪਾਰੀ ਤੇ ਸਨਅਤਕਾਰ ਸਮੇਤ ਹਰ ਵਰਗ ਦੁਖੀ ਹੈ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕੇ। ਰਾਜੂ ਖੰਨਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਇਸ਼ਾਰਿਆਂ ’ਤੇ ਚੱਲ ਰਹੀ ਸਰਕਾਰ ਵੱਲੋਂ ਸੂਬੇ ਦੇ ਖਜ਼ਾਨੇ ਦੀ ਵਰਤੋਂ ਦੂਜੇ ਸੂਬਿਆਂ ’ਚ ਪਾਰਟੀ ਦੇ ਪ੍ਰਚਾਰ ਲਈ ਕੀਤੀ ਜਾ ਰਹੀ ਹੈ। ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਨੂੰ ਸੂਬੇ ਦੇ ਵਿਕਾਸ ’ਤੇ ਖਰਚਣ ਦੀ ਬਜਾਏ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ, ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਹਲਕਾ ਅਮਲੋਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਯਤਨ ਸ਼ੁਰੂ ਕੀਤੇ ਜਾਣ। ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਉਹ ਅੱਜ ਤੋਂ ਹੀ ਪੂਰੀ ਤਨਦੇਹੀ ਨਾਲ ਕੰਮਾਂ ’ਚ ਰੁੱਝ ਜਾਣ ਤੇ ਘਰ-ਘਰ ਤੱਕ ਪਹੁੰਚ ਕਰਕੇ ਜਿੱਥੇ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ, ਉੱਥੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵੀ ਦੱਸਣ। ਇਸ ਮੌਕੇ ਯੂਥ ਆਗੂ ਸੁਖਬੀਰ ਸਿੰਘ ਹਰੀਪੁਰ ਦੀ ਅਗਵਾਈ ’ਚ ਪਿੰਡ ਵਾਸੀਆਂ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਹੋਰਨਾਂ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਡਾ. ਪਰਮਜੀਤ ਸਿੰਘ ਠੇਕੇਦਾਰ, ਮਹਿੰਦਰ ਸਿੰਘ ਨੰਬਰਦਾਰ, ਜਗਜੀਤ ਸਿੰਘ ਨੰਬਰਦਾਰ, ਜੱਗਾ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ, ਗਗਨਦੀਪ ਸਿੰਘ, ਸਤਵੀਰ ਸਿੰਘ, ਪਰਮਪ੍ਰੀਤ ਸਿੰਘ, ਖੁਸ਼ਵਿੰਦਰ ਸਿੰਘ ਛੱਜੂ, ਰਣਜੀਤ ਸਿੰਘ, ਦਲਵਿੰਦਰ ਸਿੰਘ ਮਾਨ, ਦਵਿੰਦਰ ਸਿੰਘ ਪੰਚ, ਹਰਦੀਪ ਸਿੰਘ ਪੰਚ, ਜਗਰੂਪ ਸਿੰਘ, ਨਾਜ਼ਰ ਸਿੰਘ, ਸੁਖਵੀਰਪਾਲ ਸਿੰਘ, ਗੁਰਦੀਪ ਸਿੰਘ ਹਰੀਪੁਰ ਤੇ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਵਰਕਰ ਅਤੇ ਆਗੂ ਮੌਜੂਦ ਸਨ।