ਬਿਕਰਮਜੀਤ ਸਹੋਤਾ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਮੰਦਰ ਨੂੰ ਢਾਹੁਣ ਦੇ ਵਿਰੋਧ 'ਚ ਰੋਸ ਮਾਰਚ ਕੱਢਿਆ ਤੇ ਕੇਂਦਰ ਤੇ ਦਿੱਲੀ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀ ਪ੍ਰਸ਼ਾਤ ਗੋਇਲ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਕੁਲਦੀਪ ਸਿੰਘ ਪਹਿਲਵਾਨ ਨੇ ਦੱਸਿਆ ਕਿ ਦਿੱਲੀ ਦੇ ਤੁਗਲਕਾਬਾਦ ਵਿਖੇ ਬਣੇ ਸਤਿਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਵਲੋਂ ਡੀਡੀਏ ਰਾਹੀਂ ਢਾਹੁਣ ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦਲਿਤਾਂ ਦੇ ਨਹੀਂ ਸਗੋਂ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਵਾਲਿਆਂ ਦੇ ਸੰਤ ਹਨ, ਕਿਉਂਕਿ ਉਨ੍ਹਾਂ ਦੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਹੈ। ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਖ਼ਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੰਦਰ ਦੀ ਉਸਾਰੀ ਦੁਬਾਰਾ ਕਰਵਾਈ ਜਾਵੇ, ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਧਿਆਨ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਕੇਂਦਰ ਤੇ ਦਿਲੀ ਸਰਕਾਰ ਦੀ ਹੋਵੇਗੀ।

Posted By: Amita Verma