- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਨਤਮਸਤਕ

ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਦੇ ਦੂਜੇ ਦਿਨ ਦੀ ਸ਼ੁਰੂਆਤ ਇਤਿਹਾਸਕ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਗਈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਗੂਆਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਪੰਜਾਬ ਦੀ ਨੌਜਵਾਨੀ ਅਤੇ ਭਵਿੱਖ ਨੂੰ ਬਚਾਉਣ ਲਈ ਵਿੱਢੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ। ਇਤਿਹਾਸਕ ਸਿੱਖ ਧਾਰਮਿਕ ਅਸਥਾਨ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੇ ਯਤਨਾਂ ਲਈ ਦਿੱਲੀ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਵਿਚ ਜਾਰੀ ਜ਼ੁਲਮਾਂ ਅਤੇ ਨਸ਼ਿਆਂ ਦੇ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਖ਼ਿਲਾਫ਼ ਸਾਂਝੇ ਤੌਰ ’ਤੇ ਲੜਨ ਦੀ ਤਾਕਤ ਬਖ਼ਸ਼ਣ। ਰੇਖਾ ਗੁਪਤਾ ਨੇ ਪੰਜਾਬ ਤੇ ਇਸ ਦੇ ਨੌਜਵਾਨਾਂ ਦੀ ਸੁਰੱਖਿਆ ਨੂੰ ਸਾਂਝੀ ਜ਼ਿੰਮੇਵਾਰੀ ਦੱਸਦਿਆਂ ਕਿਹਾ ਕਿ ਇਸ ਸੰਘਰਸ਼ ਵਿਚ ਪੂਰਾ ਦੇਸ਼ ਪੰਜਾਬ ਦੇ ਨਾਲ ਖੜ੍ਹਾ ਹੈ, ਦਿੱਲੀ ਪੰਜਾਬ ਦੇ ਨਾਲ ਹੈ ਅਤੇ ਉਹ ਖ਼ੁਦ ਵੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਉਹ ਅੱਜ ਪੰਜਾਬ ਵਿੱਚ ਇਹੀ ਏਕਤਾ ਅਤੇ ਸਹਿਯੋਗ ਦਾ ਸੰਦੇਸ਼ ਦੇਣ ਲਈ ਆਏ ਹਨ। ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਸ਼ਕਤੀ ਪ੍ਰਦਰਸ਼ਨ ਨਹੀਂ, ਬਲਕਿ ਪੰਜਾਬ ਦੀ ਹੋਂਦ, ਵਿਰਾਸਤ ਅਤੇ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਛੇੜਿਆ ਗਿਆ ਇਕ ਧਰਮ ਯੁੱਧ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਕਦੇ ਦੁੱਧ-ਮੱਖਣਾਂ, ਖੇਡਾਂ ਅਤੇ ਸਰਹੱਦਾਂ ਦੇ ਰਾਖਿਆਂ ਵਜੋਂ ਜਾਣਿਆ ਜਾਂਦਾ ਸੀ, ਅੱਜ ਮੌਜੂਦਾ ਸਰਕਾਰ ਦੀ ਨਾਲਾਇਕੀ ਕਾਰਨ ਉਹ ਨਸ਼ਿਆਂ ਦੇ ਦੈਂਤ ਦੀ ਗ੍ਰਿਫ਼ਤ ’ਚ ਆ ਚੁੱਕਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੀ ਕਥਿਤ ਸਰਪ੍ਰਸਤੀ ਹੇਠ ਗਲੀਆਂ-ਮੁਹੱਲਿਆਂ ਤੱਕ ਨਸ਼ੇ ਦਾ ਜਾਲ ਫੈਲ ਚੁੱਕਾ ਹੈ ਅਤੇ ਵੱਡੇ ਤਸਕਰਾਂ ਦੀ ਬਜਾਏ ਸਿਰਫ਼ ਨਸ਼ੇ ਦੇ ਆਦੀ ਨੌਜਵਾਨਾਂ ’ਤੇ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਾਸ ਤੌਰ ’ਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਾਲਾਤਾਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣਾ ਅਤਿ ਦੁਖਦਾਈ ਹੈ। ਕੇਵਲ ਸਿੰਘ ਢਿੱਲੋਂ ਅਤੇ ਦੀਦਾਰ ਸਿੰਘ ਭੱਟੀ ਨੇ ਸਪਸ਼ਟ ਕੀਤਾ ਕਿ ਯਾਤਰਾ ਦਾ ਇਹ ਦੂਜਾ ਪੜਾਅ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਹਰ ਕਸਬੇ, ਪਿੰਡ ਅਤੇ ਮੁਹੱਲੇ ਤੱਕ ਪਹੁੰਚ ਕੇ ਪੀੜਤ ਪਰਿਵਾਰਾਂ ਦਾ ਦਰਦ ਵੰਡਾਏਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ’ਚ ਮੋਹਤਬਰਾਂ ਦੀਆਂ ਕਮੇਟੀਆਂ ਗਠਿਤ ਕਰਕੇ ਨਸ਼ਾ ਤਸਕਰਾਂ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਪੁਲਿਸ-ਤਸਕਰ ਗੱਠਜੋੜ ਦਾ ਲੋਕਾਂ ਦੀ ਕਚਹਿਰੀ ’ਚ ਪਰਦਾਫ਼ਾਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣਾਇਆ ਜਾ ਸਕੇ।