- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਨਮ ਵਾਂਗਚੁਕ ਨੂੰ ਧਰਨੇ ਤੋਂ ਚੁੱਕਣਾ ਤੇ ਲਖੀਮਪੁਰ ਦੇ ਦੋਸ਼ੀਆਂ ਨੂੰ ਬਚਾਉਣਾ ਲੋਕਤੰਤਰ ਦਾ ਘਾਣ : ਡੱਲੇਵਾਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਐੱਸਕੇਐੱਮ ਗ਼ੈਰ-ਸਿਆਸੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਲੀ ਦੇ ਜੰਤਰ ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਧਰਨੇ ਤੋਂ ਚੁੱਕਣਾ ਸਰਕਾਰ ਦੀ ਬੌਖਲਾਹਟ ਦਾ ਸਬੂਤ ਹੈ। ਵਾਂਗਚੁਕ ਪੇਪਰ ਲੀਕ ਮਾਮਲਿਆਂ ਤੇ ਨੌਜਵਾਨਾਂ ਦੀਆਂ ਖ਼ੁਦਕੁਸ਼ੀਆਂ ਦੇ ਵਿਰੋਧ ’ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਸਨ। ਡੱਲੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੱਸਦੇ ਹਨ, ਪਰ ਸ਼ਾਂਤਮਈ ਅੰਦੋਲਨਕਾਰੀਆਂ ’ਤੇ ਪੁਲਿਸ ਬਲ ਦੀ ਵਰਤੋਂ ਕਰਕੇ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਤਾਰ-ਤਾਰ ਕੀਤਾ ਜਾ ਰਿਹਾ ਹੈ। ਲਖੀਮਪੁਰ ਖੀਰੀ ਘਟਨਾ ਦਾ ਜ਼ਿਕਰ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਯੂਪੀ ਪੁਲਿਸ ਵੱਲੋਂ ਅਦਾਲਤ ’ਚ ਚਸ਼ਮਦੀਦ ਗਵਾਹਾਂ ਦੀਆਂ ਗਵਾਹੀਆਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਭਾਜਪਾ ਆਗੂ ਅਜੈ ਮਿਸ਼ਰਾ ਟੈਣੀ ਤੇ ਅਸ਼ੀਸ਼ ਮਿਸ਼ਰਾ ਟੈਣੀ ਨੂੰ ਕਲੀਨ ਚਿੱਟ ਦੇਣਾ ਲੋਕਤੰਤਰ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਵੀਡੀਓ ਪੂਰੇ ਦੇਸ਼ ਨੇ ਦੇਖੀ ਹੈ, ਪਰ ਸਰਕਾਰ ਦੋਸ਼ੀਆਂ ਨੂੰ ਬਚਾਉਣ ’ਤੇ ਲੱਗੀ ਹੋਈ ਹੈ। ਡੱਲੇਵਾਲ ਨੇ ਦੱਸਿਆ ਕਿ ਐਸਕੇਐਮ ਗ਼ੈਰ-ਸਿਆਸੀ ਦੇ ਆਗੂਆਂ ਨੇ ਸੋਨਮ ਵਾਂਗਚੁਕ ਨੂੰ ਸਮਰਥਨ ਦੇਣ ਲਈ ਦਿੱਲੀ ਜਾਣਾ ਸੀ, ਪਰ ਲਗਾਤਾਰ ਮਿਲ ਰਹੇ ਲੋਕ ਸਮਰਥਨ ਤੋਂ ਡਰਦਿਆਂ ਸਰਕਾਰ ਨੇ ਅੰਦੋਲਨਕਾਰੀਆਂ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਸਰਕਾਰ ਦੀ ਇਸ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।