- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਮਦਾਸ ਨਗਰ ਵਾਸੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ : ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 07 ਅਧੀਨ ਪੈਂਦੇ ਰਾਮਦਾਸ ਨਗਰ ਦੇ ਲੋਕ ਪਿਛਲੇ 15-20 ਸਾਲਾਂ ਤੋਂ ਸਟਰੀਟ ਲਾਈਟਾਂ ਅਤੇ ਖ਼ਸਤਾਹਾਲ ਸੜਕਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੁਹੱਲਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਵਿਕਾਸ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਵਾਰਡ ਵਾਸੀ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ, ਪਰ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਨੇਰੇ ਕਾਰਨ ਇਲਾਕੇ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸਟਰੀਟ ਲਾਈਟਾਂ ਨਾ ਹੋਣ ਕਾਰਨ ਸ਼ਰਾਰਤੀ ਅਨਸਰ ਔਰਤਾਂ ਦੀਆਂ ਵਾਲੀਆਂ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੜਕਾਂ ਦੀ ਵਾਰ-ਵਾਰ ਪੁਟਾਈ ਕਾਰਨ ਲੋਕਾਂ ਦਾ ਲੰਘਣਾ ਦੁੱਭਰ ਹੋ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਗਰ ਕੌਂਸਲ ਨੇ ਤੁਰੰਤ ਸਟਰੀਟ ਲਾਈਟਾਂ ਨਾ ਲਗਵਾਈਆਂ ਤੇ ਸੜਕਾਂ ਦੀ ਮੁਰੰਮਤ ਨਾ ਕਰਵਾਈ ਤਾਂ ਵਾਰਡ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।