ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ
ਆਵਾਜ਼ ਪ੍ਰਦੂਸ਼ਣ ਰੋਕਣ ਲਈ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਹੁਕਮ ਜਾਰੀ
Publish Date: Tue, 21 Apr 2026 05:51 PM (IST)
Updated Date: Tue, 21 Apr 2026 05:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ’ਚ ਆਵਾਜ਼ ਪ੍ਰਦੂਸ਼ਣ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਕਿਸੇ ਵੀ ਸਿਆਸੀ ਰੈਲੀ, ਧਾਰਮਿਕ ਸਮਾਗਮ ਜਾਂ ਵਿਆਹਾਂ ਵਿਚ ਲਾਊਡ ਸਪੀਕਰ ਅਤੇ ਡੀਜੇ ਚਲਾਉਣ ਲਈ ਉਪ ਮੰਡਲ ਮੈਜਿਸਟ੍ਰੇਟ (ਐਸਡੀਐਮ) ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਪ੍ਰਵਾਨਗੀ ਦੇ ਬਾਵਜੂਦ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ਤੇ ਮੁਕੰਮਲ ਪਾਬੰਦੀ ਰਹੇਗੀ। ਜਾਰੀ ਹੁਕਮਾਂ ਮੁਤਾਬਕ ਆਵਾਜ਼ ਦੀ ਸੀਮਾ ਨਿਰਧਾਰਿਤ ਕੀਤੀ ਗਈ ਹੈ, ਜਿਸ ਤਹਿਤ ਰਿਹਾਇਸ਼ੀ ਖੇਤਰਾਂ ਵਿੱਚ ਦਿਨ ਵੇਲੇ 55 ਡੀਬੀਏ ਅਤੇ ਰਾਤ ਨੂੰ 45 ਡੀਬੀਏ ਤੋਂ ਵੱਧ ਆਵਾਜ਼ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਵਪਾਰਕ ਅਤੇ ਸਨਅਤੀ ਖੇਤਰਾਂ ਲਈ ਵੀ ਵੱਖ-ਵੱਖ ਮਾਪਦੰਡ ਤੈਅ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਸ਼ਰ ਹਾਰਨ ਬਣਾਉਣ ਅਤੇ ਵੇਚਣ ਤੇ ਪਾਬੰਦੀ ਲਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਰਾਤ ਵੇਲੇ ਗੱਡੀਆਂ ਦੇ ਹਾਰਨ ਵਜਾਉਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਥਾਵਾਂ ਤੇ ਉੱਚੀ ਆਵਾਜ਼ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਉਣ ਤੇ ਵੀ ਰੋਕ ਲਾਈ ਗਈ ਹੈ। ਪਟਾਕਿਆਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਨਿਰਧਾਰਿਤ ਸੀਮਾ ਤੋਂ ਵੱਧ ਆਵਾਜ਼ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਬਣਾਉਣ, ਵੇਚਣ ਅਤੇ ਚਲਾਉਣ ਤੇ ਪਾਬੰਦੀ ਹੋਵੇਗੀ। ਐਸਡੀਐਮ ਅਤੇ ਪੁਲਿਸ ਵਿਭਾਗ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸ਼ਿਕਾਇਤ ਮਿਲਣ ਤੇ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਯੰਤਰ ਜ਼ਬਤ ਕੀਤੇ ਜਾਣਗੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 16 ਜੂਨ ਤੱਕ ਲਾਗੂ ਰਹਿਣਗੇ।