ਸਾਬਕਾ ਸੈਨਿਕਾਂ ਤੇ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਛੇਤੀ ਕਰੋ ਹੱਲ : ਵਿਰਕ
ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਲਈ ਜਾਰੀ ਭਲਾਈ ਯੋਜਨਾਵਾਂ ਦੀ ਸਮੀਖਿਆ
Publish Date: Wed, 10 Dec 2025 05:08 PM (IST)
Updated Date: Wed, 10 Dec 2025 05:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸੈਨਿਕ ਬੋਰਡ ਦੇ ਪ੍ਰਧਾਨ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਰਾਜ ਤੇ ਕੇਂਦਰ ਸਰਕਾਰ ਦੁਆਰਾ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸਾਬਕਾ ਸੈਨਿਕਾਂ ਤੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਯੋਗ ਹੱਲ ਤੁਰੰਤ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਿੱਖਿਆ ਸੰਸਥਾਵਾਂ, ਉਦਯੋਗਿਕ ਅਦਾਰਿਆਂ ਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਜਦੋਂ ਸਾਡੇ ਸੂਰਬੀਰਾਂ ਦੇ ਪਰਿਵਾਰਾਂ ਵਿੱਤੀ ਮੁਸ਼ਕਿਲ ਵਿਚ ਹੋਣ ਤਾਂ ਅਸੀਂ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕਰੀਏ। ਉਨ੍ਹਾਂ ਅਪੀਲ ਕੀਤੀ ਕਿ ਸੈਨਿਕ ਰੱਖਿਆ ਭਲਾਈ ਵਿਭਾਗ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਵਿਚ ਕੰਪਿਊਟਰ ਕੋਰਸ ਤੇ ਪ੍ਰੀ ਰਿਕਰੂਟਮੈਂਟ ਤੋਂ ਲਾਭ ਲੈ ਕੇ ਰੁਜ਼ਗਾਰ ਦਾ ਸਮਰੱਥ ਬਣਨ। ਉਨ੍ਹਾਂ ਵਿਭਾਗ ਵਿਖੇ ਸਥਾਪਤ ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਦਾ ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਨੂੰ ਲਾਭ ਲੈਣ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਸਾ਼ਸਨ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।