ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ : ਰਾਏ
ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ : ਰਾਏ
Publish Date: Sat, 04 Apr 2026 06:07 PM (IST)
Updated Date: Sat, 04 Apr 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਤੇ ਮਾਣ ਵੀ ਮੰਨਦੀ ਹੈ। ਰਾਜ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ।