ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ : ਰਾਜੂ ਖੰਨਾ
ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ : ਰਾਜੂ ਖੰਨਾ
Publish Date: Thu, 22 Jan 2026 05:53 PM (IST)
Updated Date: Thu, 22 Jan 2026 05:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : 1984 ਸਿੱਖ ਵਿਰੋਧੀ ਹਿੰਸਾ ਦੇ ਮੁੱਖ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਬਰੀ ਕਰਨ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਨਸਾਫ਼ ਦੀ ਹੱਤਿਆ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਤੇ ਦੁੱਖਦਾਈ ਫੈਸਲਾ ਹੈ, ਜੋ ਪਿਛਲੇ 40 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕਰ ਰਿਹਾ ਹੈ। ਉਨ੍ਹਾਂ ਨੇ ਪੁੱਛਿਆ ਕੀ ਇਹ ਹੈ ਸਾਡਾ ਨਿਆਂ ਪ੍ਰਬੰਧ, ਜਿੱਥੇ ਹਜ਼ਾਰਾਂ ਸਿੱਖਾਂ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਸਮੁੱਚੀ ਸਿੱਖ ਕੌਮ ਅਤੇ ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਜਾਰੀ ਰੱਖਣ ਦਾ ਭਰੋਸਾ ਦਿੱਤਾ। ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਕੁਝ ਨਹੀਂ ਕੀਤਾ ਬਲਕਿ ਬੰਦੀ ਸਿੱਖਾਂ ਜਿਵੇਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕਣ ਵਿੱਚ ਵੱਡਾ ਯੋਗਦਾਨ ਪਾਇਆ ਹੈ।