- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਰਹਿੰਦ-ਫਤਹਿਗੜ੍ਹ ਸਾਹਿਬ ’ਚ ਸਫ਼ਾਈ ਵਿਵਸਥਾ ਠੱਪ

* ਨਗਰ ਕੌਂਸਲ ਸਰਹਿੰਦ ਦੇ ਮੁੱਖ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਜਾਗਰਣ ਟੀਮ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੇ ਦੂਜੇ ਦਿਨ ਕਰਮਚਾਰੀਆਂ ਨੇ ਨਗਰ ਕੌਂਸਲ ਸਰਹਿੰਦ ਦੇ ਮੁੱਖ ਦਫ਼ਤਰ ਸਾਹਮਣੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾਈ ਅਤੇ ਸਥਾਨਕ ਪ੍ਰਧਾਨ ਰਾਜੇਸ਼ ਕੁਮਾਰ ਨੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਸਰਕਾਰ ਲਗਾਤਾਰ ਵਾਅਦਾਖ਼ਿਲਾਫ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮੰਗਾਂ ਮਨਵਾਉਣ ਲਈ ਦੋ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ ਸੀ। ਇਸ ਮਗਰੋਂ ਮਈ ਮਹੀਨੇ ’ਚ ਜਦੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ, ਤਾਂ ਉੱਚ ਅਧਿਕਾਰੀਆਂ ਨੇ ਮੰਗਾਂ ਪੂਰੀਆਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ, ਪਰ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਹਾਲੇ ਤੱਕ ਇਕ ਵੀ ਕਰਮਚਾਰੀ ਨੂੰ ਰੈਗੂਲਰ ਨਹੀਂ ਕੀਤਾ ਗਿਆ। ਨਵੇਂ ਬਜਟ ’ਚ ਵੀ ਇਸ ਵਰਗ ਲਈ ਕੋਈ ਵਿਸ਼ੇਸ਼ ਵਿੱਤੀ ਪ੍ਰਬੰਧ ਨਾ ਹੋਣ ਕਾਰਨ ਕਰਮਚਾਰੀਆਂ ’ਚ ਭਾਰੀ ਰੋਸ਼ ਹੈ।
ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਾਰੀਆਂ ਪ੍ਰਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਕੋਈ ਵੀ ਸਫ਼ਾਈ ਸੇਵਕ ਜਾਂ ਚੌਥੇ ਦਰਜੇ ਦਾ ਮੁਲਾਜ਼ਮ ਕੰਮ ’ਤੇ ਨਹੀਂ ਪਰਤੇਗਾ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਸਾਰੇ ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ, ਮਹਿੰਗਾਈ ਮੁਤਾਬਕ ਤਨਖ਼ਾਹਾਂ ਵਿੱਚ ਵਾਧਾ ਕਰਨਾ, ਪੁਰਾਣੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਸ਼ਾਮਲ ਹੈ। ਕਰਮਚਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਠੰਢੇ ਬਸਤੇ ਵਿੱਚ ਪਾਇਆ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਚੱਕਾ ਜਾਮ ਵਰਗੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾ ਤੇ ਪੁਰਸ਼ ਸਫ਼ਾਈ ਕਰਮਚਾਰੀ ਹਾਜ਼ਰ ਸਨ।
ਦੂਜੇ ਪਾਸੇ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਪੂਰੇ ਖੇਤਰ ਵਿੱਚ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਠੇਕਾ ਆਧਾਰਿਤ ਤੇ ਰੈਗੂਲਰ ਦੋਵਾਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਵੱਲੋਂ ਕੰਮ ਬੰਦ ਕੀਤੇ ਜਾਣ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਗਰਮ ਮੌਸਮ ਦੌਰਾਨ ਸੜਕਾਂ ’ਤੇ ਸੜ ਰਹੇ ਕੂੜੇ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਜਲਦੀ ਹੜਤਾਲ ਖ਼ਤਮ ਨਾ ਕਰਵਾਈ ਤਾਂ ਪੂਰਾ ਸ਼ਹਿਰ ਕੂੜੇ ਦੇ ਡੰਪ ’ਚ ਤਬਦੀਲ ਹੋ ਜਾਵੇਗਾ।