ਸਫ਼ਾਈ ਕਰਮਚਾਰੀਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
6 ਮਈ ਤੋਂ ਪੰਜਾਬ ਭਰ ਦੇ ਸਫਾਈ ਕਰਮਚਾਰੀ ਜਾਣਗੇ ਅਣਮਿਥੇ ਸਮੇਂ ਦੀ ਹੜਤਾਲ ’ਤੇ
Publish Date: Tue, 21 Apr 2026 06:44 PM (IST)
Updated Date: Tue, 21 Apr 2026 06:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਮਿਊਂਸਿਪਲ ਪਾਰਕ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਗਾਗੜ ਅਤੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਮੇਸ਼ ਗੈਚੰਡ, ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਅਤੇ ਜਥੇਬੰਦਕ ਸਕੱਤਰ ਕੁਲਦੀਪ ਕਾਗੜਾ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮੇਸ਼ ਗੈਚੰਡ ਨੇ ਦੱਸਿਆ ਕਿ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ 6 ਮਈ 2026 ਤੋਂ ਸੂਬਾ ਪੱਧਰੀ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਲਗਾਤਾਰ ਅਣਗਹਿਲੀ ਕੀਤੀ ਜਾ ਰਹੀ ਹੈ। ਯੂਨੀਅਨ ਨੇ ਮੰਗ ਕੀਤੀ ਕਿ ਆਊਟਸੋਰਸ ਠੇਕਾ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਰੈਗੂਲਰ ਕੀਤਾ ਜਾਵੇ ਅਤੇ 10 ਸਾਲਾ ਪਾਲਿਸੀ ਰੱਦ ਕਰਕੇ 3 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੇ ਸਾਰੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਵਰਗੀਆਂ ਲਗਭਗ 30 ਮੰਗਾਂ ਦੇ ਹੱਲ ਲਈ ਦਬਾਅ ਪਾਇਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸਫਾਈ ਸੇਵਕ ਅਤੇ ਸੀਵਰਮੈਨ ਅਣਮਿਥੇ ਸਮੇਂ ਲਈ ਹੜਤਾਲ ਤੇ ਰਹਿਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਹਰਪ੍ਰੀਤ ਸਿੰਘ, ਸੰਦੀਪ ਸਿੰਘ, ਹਰਸ਼ਦੀਪ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਪੰਮੀ ਅਮਲੋਹ, ਅਨਿਲ ਖਮਾਣੋ, ਪ੍ਰਦੀਪ ਕੁਮਾਰ, ਰਜਿੰਦਰ ਸਿੰਘ, ਰਾਜ ਕੁਮਾਰ ਰਾਜੂ, ਰਾਜੇਸ਼ ਕੁਮਾਰ ਅਤੇ ਸੁਲਤਾਨ ਸਮੇਤ ਹੋਰ ਕਈ ਆਗੂ ਮੌਜੂਦ ਸਨ।