350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Publish Date: Sat, 31 Jan 2026 08:55 PM (IST)
Updated Date: Sat, 31 Jan 2026 08:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਗੁਰੂ ਜੀ ਦੇ ਸਰਵਉੱਚ ਬਲੀਦਾਨ ਨੂੰ ਯਾਦ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨੈਤਿਕ ਮੁੱਲਾਂ ਦੀ ਰਾਖੀ ਲਈ ਆਪਣਾ ਸਿਰ ਦੇ ਦਿੱਤਾ। ਉਨ੍ਹਾਂ ਜ਼ੁਲਮ ਦੇ ਵਿਰੁੱਧ ਅਡਿੱਗ ਖੜ੍ਹੇ ਹੋ ਕੇ ਲੋਕਾਂ ਦੀ ਜ਼ਮੀਰ ਦੀ ਆਜ਼ਾਦੀ ਨੂੰ ਬਚਾਇਆ। ਰਾਜਪਾਲ ਨੇ ਕਿਹਾ ਕਿ ਇਹ ਕੁਰਬਾਨੀ ਕਿਸੇ ਇੱਕ ਧਰਮ ਜਾਂ ਭਾਈਚਾਰੇ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਸੀ। ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸੱਚਾਈ, ਹਿੰਮਤ, ਸਹਿਣਸ਼ੀਲਤਾ ਅਤੇ ਨਿਆਂ ਦੇ ਆਦਰਸ਼ਾਂ ਨੂੰ ਜਿਉਂਦਾ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਵੀ ਹਾਜ਼ਰ ਸਨ। ਡਾ. ਜ਼ੋਰਾ ਸਿੰਘ ਨੇ ਗੁਰੂ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਰਤਮਾਨ ਸਮੇਂ ਵਿੱਚ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਵਿਸ਼ੇਸ਼ ਸਾਰਥਕਤਾ ’ਤੇ ਚਾਨਣਾ ਪਾਇਆ। ਸੈਮੀਨਾਰ ਵਿੱਚ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਜਸਟਿਸ ਸ਼ੀਲ ਨਾਗ, ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ, ਜਸਟਿਸ ਕੇਐੱਸ ਆਹਲੂਵਾਲੀਆ ਸੇਵਾਮੁਕਤ, ਸੀਨੀਅਰ ਵਕੀਲ ਬਲਜਿੰਦਰ ਸਿੰਘ ਖਹਿਰਾ, ਸਤਨਾਮ ਸਿੰਘ ਸੰਧੂ, ਪ੍ਰਸਿੱਧ ਅਦਾਕਾਰਾ ਪ੍ਰੀਤੀ ਸਪਰੂ, ਗਿਆਨੀ ਸਾਹਿਬ ਸਿੰਘ, ਸੀਨੀਅਰ ਪੱਤਰਕਾਰ ਰੁਪਿੰਦਰ ਸਿੰਘ, ਡਾ. ਕੁਲਦੀਪ ਚੰਦ ਅਗਨੀਹੋਤਰੀ, ਹਿਮਾਚਲ ਪ੍ਰਦੇਸ਼ ਸੈਂਟਰਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰੋ. ਕਰਮਜੀਤ ਕੌਰ ਮਲਹੋਤਰਾ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕੀਤਾ।